![]()
ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ

ਲੁਧਿਆਣਾ, 26 ਅਗਸਤ ( ਸਤ ਪਾਲ ਸੋਨੀ ) : ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤੀਪੂਰਨ ਹੈ ਅਤੇ ਮਾਹੌਲ ਆਮ ਵਾਂਗ ਬਰਕਰਾਰ ਹੈ। ਉਨਾਂ ਦੋ ਦਿਨਾਂ ਦੌਰਾਨ ਆਮ ਲੋਕਾਂ, ਪੁਲਿਸ ਅਤੇ ਹੋਰ ਧਿਰਾਂ ਵੱਲੋਂ ਜ਼ਿਲਾ ਲੁਧਿਆਣਾ ਵਿੱਚ ਸ਼ਾਂਤੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਨੂੰ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਥਾਨਕ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਡੀ ਗਿਣਤੀ ਵਿੱਚ ਫੋਰਸ ਸਮੇਤ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਵੀ ਕੀਤਾ ਗਿਆ ਸੀ। ਜ਼ਿਲੇ ਅੰਦਰ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਨਾਂ ਅੱਜ ਵੀ ਕਈ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੰਮ-ਧੰਦੇ ਰੋਜ਼ਾਨਾਂ ਦੀ ਤਰਾਂ ਚਲਾਉਣ।
ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕ ਕਿਸੇ ਵੀ ਤਰਾਂ ਦੀ ਅਫਵਾਹ ‘ਤੇ ਯਕੀਨ ਨਾ ਕਰਨ। ਉਨਾਂ ਕਿਹਾ ਕਿ ਪੂਰੇ ਜ਼ਿਲੇ ਦੇ ਦਾਖਲਾ ਪੁਆਇੰਟਾਂ ਵਿਖੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਅਤੇ ਜ਼ਿਲੇ ਵਿੱਚ ਆਉਣ ਵਾਲੇ ਹਰ ਵਾਹਨ ‘ਤੇ ਕਰਡ਼ੀ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਸਾਰੇ ਜ਼ਿਲੇ ਨੂੰ ਵਿਸ਼ੇਸ਼ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨਾਂ ਨੇ ਸਮਾਜ ਵਿਰੋਧੀ ਤੱਤਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਤੇ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।