![]()

ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਵਧੇਰੇ ਤਰਜੀਹ ਖੇਡਾਂ ਨੂੰ ਦਿੱਤੀ ਜਾ ਰਹੀ-ਰਾਣਾ ਗੁਰਮੀਤ ਸਿੰਘ ਸੋਢੀ
ਲੁਧਿਆਣਾ, 25 ਮਈ ਮਈ ( ਸਤ ਪਾਲ ਸੋਨੀ ) :ਪੰਜਾਬ ਸਰਕਾਰ ਵਿੱਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ, ਜਿਸ ਵਿੱਚ ਖੇਡਾਂ ਨੂੰ ਸਭ ਤੋਂ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਖਸਤਾ ਹਾਲਤ ਵਿੱਚ ਪਏ ਖੇਡ ਸਟੇਡੀਅਮਾਂ ਦੀ ਜਲਦ ਹੀ ਕਾਇਆ ਕਲਪ ਕੀਤੀ ਜਾਵੇਗੀ, ਤਾਂ ਜੋ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਸਕਣ।
ਅੱਜ ਸਥਾਨਕ ਮਾਲ ਰੋਡ ਵਿਖੇ ਇੱਕ ਨਿੱਜੀ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਅਤੇ ਖ਼ਿਡਾਰੀਆਂ ਦੀ ਤਰੱਕੀ ਲਈ ਬਕਾਇਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਖੇਡਾਂ ਵਿੱਚ ਬਾਦਸ਼ਾਹਤ ਕਾਇਮ ਕੀਤੀ ਜਾ ਸਕੇ। ਖ਼ਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਸੂਬੇ ਵਿੱਚ ਖ਼ਸਤਾ ਹਾਲਤ ਖੇਡ ਸਟੇਡੀਅਮਾਂ ਨੂੰ ਮੁੜ ਚਾਲੂ ਕਰਨ ਅਤੇ ਕਾਇਆ ਕਲਪ ਕਰਨ ਦੀ ਯੋਜਨਾ ਹੈ। ਇਸ ਨਾਲ ਖ਼ਿਡਾਰੀ ਖੇਡ ਮੈਦਾਨਾਂ ਤੱਕ ਜਾਣ ਲਈ ਆਕਰਸ਼ਿਤ ਹੋਣਗੇ। ਉਨਾਂ ਕਿਹਾ ਕਿ ਖੇਡ ਵਿਭਾਗ ਖ਼ਿਡਾਰੀਆਂ ਨੂੰ ਬੁਨਿਆਦੀ ਲੋੜਾਂ ਦੀ ਪੂਰਤੀ ਅਤੇ ਨਵੀਨਤਮ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨਾਂ ਕਿਹਾ ਕਿ ਪੰਜਾਬ ਖੇਡ ਵਿਭਾਗ ਅਤੇ ਖ਼ਿਡਾਰੀਆਂ ਦਾ ਪਹਿਲਾ ਨਿਸ਼ਾਨਾ ਹੁਣ ਰਾਸ਼ਟਰੀ ਖੇਡਾਂ ਹਨ, ਜਿਨਾਂ ਵਿੱਚ ਪੰਜਾਬ ਦੇ ਪ੍ਰਦਰਸ਼ਨ ਵਿੱਚ ਸੁਧਾਰ ਕਰਨਾ ਹੈ, ਇਸ ਤੋਂ ਬਾਅਦ ਅੰਤਰਰਾਸ਼ਟਰੀ ਅਤੇ ਉਲੰਪਿਕ ਪੱਧਰ ‘ਤੇ ਪੰਜਾਬੀ ਖ਼ਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਢੁੱਕਵੀਂ ਤਿਆਰੀ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀਆਂ ਖੇਡਾਂ ਅਤੇ ਖੁਰਾਕ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਫੰਡ ਕਾਇਮ ਕੀਤਾ ਜਾਵੇਗਾ। ਖ਼ਿਡਾਰੀ ਨੂੰ ਉਸਦੀ ਯੋਗਤਾ ਅਤੇ ਪ੍ਰਦਰਸ਼ਨ ਮੁਤਾਬਿਕ ਨੌਕਰੀ ਮੁਹੱਈਆ ਕਰਵਾਈ ਜਾਵੇਗੀ।
ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਉਨਾਂ ਦਾਅਵੇ ਨਾਲ ਕਿਹਾ ਕਿ ਸ਼ਾਹਕੋਟ ਉੱਪ ਚੋਣ ਵਿੱਚ ਕਾਂਗਰਸੀ ਉਮੀਦਵਾਰ 25 ਹਜ਼ਾਰ ਤੋਂ ਵਧੇਰੇ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗਾ ਅਤੇ ਹਲਕੇ ਦੇ ਵਿਕਾਸ ਲਈ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਪਿਛਲੇ 10 ਸਾਲਾਂ ਦੇ ਸਾਸ਼ਨ ਦੌਰਾਨ ਸ਼ਾਹਕੋਟ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਹ ਹਲਕਾ ਵਿਕਾਸ ਪੱਖੋਂ ਪਛੜ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ, ਸੁਖਵਿੰਦਰ ਸਿੰਘ ਰਾਜਾ ਬਿੰਦਰਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।