![]()

ਲੁਧਿਆਣਾ, 30 ਜਨਵਰੀ ( ਸਤ ਪਾਲ ਸੋਨੀ ) : ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।ਸਟਾਫ਼ ਅਤੇ ਆਮ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਿਹਾ ਹੈ। ਉਨਾਂ ਜ਼ਿਲਾ ਪ੍ਰਸਾਸ਼ਨ ਵੱਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਅਮਰਿੰਦਰ ਸਿੰਘ ਮੱਲੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਨੂ ਗਰਗ, ਸਹਾਇਕ ਪੁਲਿਸ ਕਮਿਸ਼ਨਰ ਗੁਰਦੇਵ ਸਿੰਘ, ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲਾ ਲੋਕ ਸੰਪਰਕ ਅਫਸਰ ਲੁਧਿਆਣਾ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
340900cookie-checkਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ