![]()

-ਵਿਦਿਆਰਥੀਆਂ ਨੂੰ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ
ਲੁਧਿਆਣਾ, 22 ਦਸੰਬਰ ( ਸਤ ਪਾਲ ਸੋਨੀ ) : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਧਾਰਮਿਕ ਸਮਾਗਮਾਂ ਅਤੇ ਸ਼ਹੀਦੀ ਜੋਡ਼ ਮੇਲਿਆਂ ‘ਤੇ ਸਿਆਸੀ ਕਾਨਫਰੰਸਾਂ ਬੰਦ ਹੋਣੀਆਂ ਚਾਹੀਦੀਆਂ ਹਨ। ਉਹ ਅੱਜ ਇਥੇ ਇੱਕ ਸਕੂਲ ਦੇ ਸਲਾਨਾ ਸਮਾਰੋਹ ਅਤੇ ਕ੍ਰਿਸਮਿਸ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨ ਪੁੱਜੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ, ਜਿੱਥੇ ਦੇ ਲੋਕ ਧਰਮ ਵਿੱਚ ਬਹੁਤ ਆਸਥਾ ਅਤੇ ਸਤਿਕਾਰ ਰੱਖਦੇ ਹਨ। ਉਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ ਦਾ ਸਮਰੱਥਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮਨਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਅਤੇ ਸ਼ਹੀਦੀ ਜੋਡ਼ ਮੇਲਿਆਂ ‘ਤੇ ਰਾਜਸੀ ਤਕਰੀਰਾਂ ਜਾਂ ਰੈਲੀਆਂ ਆਦਿ ਬੰਦ ਹੋਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਧਰਮ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਉਨਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਪੰਜਾਬ ਦੇ ਵਿਕਾਸ ਅਤੇ ਸੁਨਹਿਰੀ ਭਵਿੱਖ ਲਈ ਅੱਗੇ ਆਉਣ। ਉਨਾਂ ਕਿਹਾ ਕਿ ਦੇਸ਼ ਨੂੰ ਵਿਕਾਸ ਦੀਆਂ ਲੀਹਾਂ ‘ਤੇ ਸਿਰਫ਼ ਅਤੇ ਸਿਰਫ਼ ਸਿੱਖਿਆ ਦੇ ਸਿਰ ‘ਤੇ ਹੀ ਅੱਗੇ ਲਿਜਾਇਆ ਜਾ ਸਕਦਾ ਹੈ। ਸਾਡੇ ਦੇਸ਼ ਦੇ ਅਸਲੀ ਦੁਸ਼ਮਣ ਸਾਡੇ ਗੁਆਂਢੀ ਮੁਲਕ ਨਹੀਂ ਬਲਕਿ ਭ੍ਰਿਸ਼ਟਾਚਾਰ, ਸਹੀ ਸਿੱਖਿਆ ਦੀ ਕਮੀ, ਬੇਰੁਜ਼ਗਾਰੀ ਅਤੇ ਗਰੀਬੀ ਹੈ, ਜਿਨਾਂ ਨੂੰ ਸਾਂਝੇ ਯਤਨਾਂ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਨਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਸੇਂਟ ਥਾਮਸ ਸੀਨੀਅਰ ਸੈਕੰਡਰੀ ਸਕੂਲ ਨੂੰ ਦੇਣ ਦਾ ਐਲਾਨ ਕੀਤਾ।
ਸਮਾਗਮ ਨੂੰ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਬਿਸ਼ਪ ਯੂਨਿਸ ਮਸੀਹ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਵੱੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨਾਂ ਦੇ ਮਾਪੇ ਪਹੁੰਚੇ ਹੋਏ ਸਨ।