![]()

-ਐੱਨ. ਸੀ. ਸੀ. ਦੇਸ਼ ਦੀ ਹਰ ਤਰਾਂ ਦੀ ਸੁਰੱਖਿਆ ਕਰਨ ਲਈ ਵਚਨਬੱਧ-ਮੇਜਰ ਜਨਰਲ ਮਾਨ
-ਅੰਤਰਰਾਸ਼ਟਰੀ ਨਸ਼ਾ ਬੁਰਾਈ ਅਤੇ ਗੈਰਕਾਨੂੰਨੀ ਕਾਰੋਬਾਰ ਵਿਰੋਧੀ ਦਿਵਸ ਮੌਕੇ ਐੱਨ. ਸੀ. ਸੀ. ਵੱਲੋਂ ਲੁਧਿਆਣਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਲੁਧਿਆਣਾ, 26 ਜੂਨ ( ਸਤ ਪਾਲ ਸੋਨੀ ) : ਅੱਜ ਅੰਤਰਰਾਸ਼ਟਰੀ ਨਸ਼ਾ ਬੁਰਾਈ ਅਤੇ ਗੈਰਕਾਨੂੰਨੀ ਕਾਰੋਬਾਰ ਵਿਰੋਧੀ ਦਿਵਸ ਮੌਕੇ ਰਾਸ਼ਟਰੀ ਕੈਡਿਟ ਕੋਰ (ਐੱਨ. ਸੀ. ਸੀ.) ਵੱਲੋਂ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਥਾਨਕ ਡੀ. ਏ. ਵੀ. ਪਬਲਿਕ ਸਕੂਲ, ਭਾਈ ਰਣਧੀਰ ਸਿੰਘ ਨਗਰ ਵਿਖੇ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੇਜਰ ਜਨਰਲ ਆਰ. ਐੱਸ. ਮਾਨ, ਵਧੀਕ ਡਾਇਰੈਕਟਰ ਜਨਰਲ ਐੱਨ. ਸੀ. ਸੀ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਪ੍ਰਸਿੱਧ ਖੇਤੀ ਅਰਥ ਸਾਸ਼ਤਰੀ ਅਤੇ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੇ ਸਾਬਕਾ ਉਪ ਕੁੱਲਪਤੀ ਸਰਦਾਰਾ ਸਿੰਘ ਜੌਹਲ ਅਤੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐੱਨ. ਸੀ. ਸੀ. ਦੇ ਕਈ ਉੱਚ ਅਧਿਕਾਰੀ ਅਤੇ ਕੌਂਸਲਰ ਮਮਤਾ ਆਸ਼ੂ ਵੀ ਹਾਜ਼ਰ ਸਨ।
ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਜਨਰਲ ਮੇਜਰ ਜਨਰਲ ਆਰ. ਐੱਸ. ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੀ ਵਗ ਰਹੀ ਇਸ ਹਨੇਰੀ ਤੋਂ ਬਾਹਰ ਆ ਕੇ ਖੁਦ ਨੂੰ ਸੰਭਾਲਣ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ। ਉਨਾਂ ਕਿਹਾ ਕਿ ਅੱਜ ਜਦੋਂ ਸਾਡਾ ਦੇਸ਼ ਕਈ ਤਰਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਵਿਕਾਸਸ਼ੀਲ ਦੇਸ਼ਾਂ ਦੀ ਸ਼੍ਰੇਣੀ ਵਿੱਚੋਂ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਹੋਣ ਜਾ ਰਿਹਾ ਹੈ ਤਾਂ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਨਾਂ ਪੰਜਾਬੀ ਨੌਜਵਾਨਾਂ ਦੇ ਰਾਸ਼ਟਰ ਨਿਰਮਾਣ ਵਿੱਚ ਲਾਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਦੇ ਨੌਜਵਾਨ ਇਸ ਯੋਗਦਾਨ ਨੂੰ ਜਾਰੀ ਰੱਖਣ।
ਉਨਾਂ ਕਿਹਾ ਕਿ ਨੌਜਵਾਨਾਂ ਨੂੰ ਮਾਣ ਕਰਨਾ ਚਾਹੀਦਾ ਹੈ ਕਿ ਸਾਡੇ ਦੇਸ਼ ਵਿਸ਼ਵ ਦਾ ਉਹ ਦੇਸ਼ ਹੈ ਜਿੱਥੇ ਸਭ ਤੋਂ ਵਧੇਰੇ ਨੌਜਵਾਨ ਹਨ। ਉਨਾਂ ਕਿਹਾ ਕਿ ਰਾਸ਼ਟਰੀ ਕੈਡਿਟ ਕੋਰ ਦੇਸ਼ ਦੀ ਹਰ ਤਰਾਂ ਦੀ ਸੁਰੱਖਿਆ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਰਾਸ਼ਟਰੀ ਕੈਡਿਟ ਕੋਰ ਵੱਲੋਂ ਰਾਸ਼ਟਰ ਨਿਰਮਾਣ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸ਼ੇਸ਼ ਵਰਨਣ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਵਿੱਚ ਐੱਨ. ਸੀ. ਸੀ. ਦੇ 7500 ਤੋਂ ਵਧੇਰੇ ਕੈਡਿਟ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ।
ਸਰਦਾਰਾ ਸਿੰਘ ਜੌਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਐੱਨ. ਸੀ. ਸੀ. ਰਾਸ਼ਟਰ ਨਿਰਮਾਣ ਵਿੱਚ ਬਹੁਤ ਵਧੀਆ ਯੋਗਦਾਨ ਪਾ ਰਹੀ ਹੈ। ਇਸ ਖੇਤਰ ਵਿੱਚ ਸ਼ੁਰੂ ਕੀਤੇ ਉਪਰਾਲੇ ਵੀ ਸ਼ਲਾਘਾਯੋਗ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼, ਖਾਸ ਕਰਕੇ ਪੰਜਾਬ ਵਿੱਚੋਂ ਨਸ਼ੇ ਦੇ ਪ੍ਰਕੋਪ ਨੂੰ ਖ਼ਤਮ ਕਰਨ ਲਈ ਸਮਰਪਿਤ ਭਾਵਨਾ ਨਾਲ ਅੱਗੇ ਆਉਣ ਤਾਂ ਜੋ ਸਾਡੇ ਦੇਸ਼ ਦਾ ਭਵਿੱਖ ਸੰਵਾਰਿਆ ਜਾ ਸਕੇ। ਉਨਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਬਾਰੇ ਸਾਰੀਆਂ ਧਿਰਾਂ ਨੂੰ ਆਪਣੀ-ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁਧ ਸਹੁੰ ਚੁਕਾਈ ਗਈ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੀ ਵੀ ਪੇਸ਼ਕਾਰੀ ਕੀਤੀ ਗਈ। ਉਪਰੋਕਤ ਤੋਂ ਇਲਾਵਾ ਡਾ. ਅਰਵਿੰਦ ਸ਼ਰਮਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਫੌਜ ਦੇ ਉੱਚ ਅਧਿਕਾਰੀ, ਐੱਨ. ਸੀ. ਸੀ. ਦੇ ਵਲੰਟੀਅਰ ਅਤੇ ਵਿਦਿਆਰਥੀ ਹਾਜ਼ਰ ਸਨ।