![]()

ਲੁਧਿਆਣਾ, 01 ਨਵੰਬਰ ( ਸਤ ਪਾਲ ਸੋਨੀ) : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋ ਕਰਦਿਆਂ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਅੰਦਰ ਭੀਖ ਮੰਗਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਉਨਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਪੈਂਦੇ ਮੇਨ ਚੌਕਾਂ ਅਤੇ ਆਮ ਰਸਤਿਆਂ, ਭੀੜ ਭੜੱਕੇ ਵਾਲੀਆਂ ਜਨਤਕ ਥਾਵਾਂ ‘ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ ਅਤੇ ਕਈ ਵਾਰ ਇਹ ਭੀਖ ਮੰਗਣ ਦੀ ਤਾਂਘ ਵਿਚ ਤੇਜੀ ਨਾਲ ਭੱਜਕੇ ਤੇਜ ਰਫਤਾਰ ਗੱਡੀਆਂ ਦੇ ਅੱਗੇ ਆ ਜਾਂਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨ–ਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇਨਾਂ ਭਿਖਾਰੀਆਂ ਦਾ ਫਾਇਦਾ ਉਠਾ ਕੇ ਕਿਸੇ ਅਣ–ਸੁਖਾਵੀਂ ਘਟਨਾ ਨੂੰ ਵੀ ਅੰਜਾਮ ਦੇ ਸਕਦੇ ਹਨ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਭੀਖ ਮੰਗਣ ‘ਤੇੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।