![]()

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ
ਲੁਧਿਆਣਾ, 23 ਅਕਤੂਬਰ (ਸਤ ਪਾਲ ਸੋਨੀ) : ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 5-6 ਦਸੰਬਰ, 2019 ਨੂੰ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਪੰਜਾਬ ਪ੍ਰੋਗਰੈਸਿਵ ਇੰਨਵੈਸਟਰਜ਼ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਸ਼ਹਿਰ ਲੁਧਿਆਣਾ ਵਿਖੇ ਇੱਕ ਰੋਡ ਸ਼ੋਅ ਮਿਤੀ 29 ਅਕਤੂਬਰ, 2019 ਨੂੰ ਕੱਢਿਆ ਜਾਵੇਗਾ।
ਇਸ ਸੰਬੰਧੀ ਸਥਾਨਕ ਗਿੱਲ ਰੋਡ ਸਥਿਤ ਯੂ. ਸੀ. ਪੀ. ਐੱਮ. ਏ. ਦੇ ਕਾਨਫਰੰਸ ਹਾਲ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਰੋਡ ਸ਼ੋਅ ਦੌਰਾਨ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਭਾਗ ਲੈਣ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸਨਅਤਾਂ ਦੇ 100 ਤੋਂ ਵਧੇਰੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਨਅਤੀ ਅਤੇ ਵਪਾਰਕ ਵਿਕਾਸ ਨੀਤੀ-2017 ਬਾਰੇ ਜਾਣਕਾਰੀ ਦਿੱਤੀ ਗਈ। ਸਨਅਤਕਾਰਾਂ ਦੇ ਸਵਾਲਾਂ ਦੇ ਜਵਾਬ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਮਹੇਸ਼ ਖੰਨਾ ਵੱਲੋਂ ਦਿੱਤੇ ਗਏ।
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਹਾਜ਼ਰੀਨ ਨੂੰ ਇਸ ਰੋਡ ਸ਼ੋਅ ਅਤੇ ਸੰਮੇਲਨ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ, ਜਗਬੀਰ ਸਿੰਘ ਸੋਖੀ, ਡੀ. ਐੱਸ. ਚਾਵਲਾ, ਗੁਰਮੀਤ ਸਿੰਘ ਕੁਲਾਰ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।