![]()

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਮੁੱਖ ਮਹਿਮਾਨ
ਪਾਇਲ/ਮਲੌਦ, 25 ਜੂਨ ( ਸਤ ਪਾਲ ਸੋਨੀ ) : ਪੰਜਾਬ ਦੇ ਪਹਿਲੇ ਕੌਮੀ ਅਜ਼ਾਦੀ ਘੁਲਾਟੀਏ ਅਤੇ ਸੇਵਾ ਦਾ ਪੁੰਜ ਵਜੋਂ ਜਾਣੇ ਜਾਂਦੇ ਭਾਈ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਮਿਤੀ 5 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ ਪਿੰਡ ਰੱਬੋਂ ਉੱਚੀ (ਨੇੜੇ ਪਾਇਲ) ਵਿਖੇ ਮਨਾਇਆ ਜਾ ਰਿਹਾ ਹੈ।
ਪਿੰਡ ਰੱਬੋਂ ਉੱਚੀ ਵਿਖੇ ਇਸ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਇਹ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਅਤੇ ਜੇਲ ਮੰਤਰੀ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੋਰ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ ਅਤੇ ਭਾਈ ਮਹਾਰਾਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਉਨਾਂ ਨੇ ਲੋਕਾਂ ਨੂੰ ਇਸ ਸ਼ਹੀਦੀ ਸਮਾਗਮ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਡੀ. ਐੱਮ. ਪਾਇਲ ਸਵਾਤੀ ਟਿਵਾਣਾ, ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਡੀ. ਐੱਸ. ਪੀ. ਰਛਪਾਲ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ, ਸੀਨੀਅਰ ਕਾਂਗਰਸੀ ਆਗੂ ਅਤੇ ਹੋਰ ਹਾਜ਼ਰ ਸਨ।