![]()

ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇਗੀ
ਲੁਧਿਆਣਾ, 18 ਅਕਤੂਬਰ ( ਸਤ ਪਾਲ ਸੋਨੀ ) : ਬੀਤੇ ਦਿਨੀਂ ਅਣਪਛਾਤੇ ਕਾਤਲਾਂ ਵੱਲੋਂ ਮੌਤ ਦੇ ਘਾਟ ਉਤਾਰੇ ਗਏ ਆਰ. ਐੱਸ. ਐੱਸ. ਆਗੂ ਸ੍ਰੀ ਰਵਿੰਦਰ ਗੁਸਾਂਈ ਦੇ ਪਰਿਵਾਰ ਨਾਲ ਅਫ਼ਸੋਸ ਜ਼ਾਹਿਰ ਕਰਨ ਲਈ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ ‘ਤੇ ਉਨਾਂ ਦੇ ਘਰ ਪੁੱਜੇ। ਇਸ ਮੌਕੇ ਉਨਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਸੰਜੀਵ ਤਲਵਾਡ਼, ਸ੍ਰ. ਗੁਰਦੀਪ ਸਿੰਘ ਸਰਪੰਚ ਅਤੇ ਹਰਜਿੰਦਰ ਸਿੰਘ ਨਿੱਜੀ ਸਹਾਇਕ ਵੀ ਸਨ।
ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਸ੍ਰੀ ਰਵਿੰਦਰ ਗੁਸਾਂਈ ਦੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜੋ ਕਿ ਸਮਾਜਿਕ ਤੌਰ ‘ਤੇ ਪੂਰਿਆ ਨਹੀਂ ਜਾ ਸਕਦਾ। ਉਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਇਸ ਘਟਨਾ ਨੂੰ ਅੰਜ਼ਾਮ ਕਿਸੇ ਬਾਹਰੀ ਤਾਕਤ ਦੇ ਸਿਰ ‘ਤੇ ਦਿੱਤਾ ਗਿਆ ਹੈ, ਜੋ ਕਿ ਇੱਕ ਗੰਭੀਰ ਮਾਮਲਾ ਹੈ। ਉਨਾਂ ਕਿਹਾ ਕਿ ਕੁਝ ਵਿਦੇਸ਼ੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਯਤਨ ਕਰ ਰਹੀਆਂ ਹਨ, ਜੋ ਕਿ ਨਿੰਦਣਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿਰੋਧੀ ਇਨਾਂ ਤਾਕਤਾਂ ਨੂੰ ਕਦੇ ਵੀ ਸਿਰ ਨਹੀਂ ਚੁੱਕਣ ਦੇਵੇਗੀ।
ਇਸ ਮੌਕੇ ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਗੈਰ-ਸਮਾਜੀ ਤੱਤ ਸਾਡੇ ਸਮਾਜ ਦਾ ਹੀ ਹਿੱਸਾ ਹਨ, ਜਿਨਾਂ ਦਾ ਸਮਾਜਿਕ ਤੌਰ ‘ਤੇ ਬਿਲਕੁਲ ਬਾਈਕਾਟ ਕਰਨਾ ਚਾਹੀਦਾ ਹੈ। ਸਾਨੂੰ ਅਜਿਹੇ ਲੋਕਾਂ ਦਾ ਬਿਲਕੁਲ ਵੀ ਸਹਿਯੋਗ ਨਹੀਂ ਕਰਨਾ ਚਾਹੀਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦ੍ਰਿਡ਼ ਯਤਨਸ਼ੀਲ ਹੈ। ਰਵਿੰਦਰ ਗੁਸਾਂਈ ਦੇ ਕਾਤਲਾਂ ਅਤੇ ਕਾਤਲਾਂ ਦਾ ਸਹਿਯੋਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।