![]()

ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਲੁਧਿਆਣਾ, 20 ਫਰਵਰੀ ( ਸਤ ਪਾਲ ਸੋਨੀ ) : ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲਾ ਲੁਧਿਆਣਾ ਦੀਆਂ ਸਬ-ਡਵੀਜ਼ਨਾਂ ‘ਚ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਤਹਿਤ ਆਖ਼ਰੀ ਰੋਜ਼ਗਾਰ ਮੇਲੇ ਮਿਤੀ 22 ਫਰਵਰੀ ਨੂੰ ਲੁਧਿਆਣਾ ਅਤੇ ਖੰਨਾ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ। ਉਨਾਂ ਬੇ-ਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪ ਨੂੰ ਵੈੱਬਸਾਈਟ www.ghargharrozgar.punjab.gov.in ‘ਤੇ ਰਜਿਸਟਰਡ ਕਰਨ ਅਤੇ ਵੱਧ ਤੋਂ ਵੱਧ ਲਾਭ ਉਠਾਉਣ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਮੁਹੱਈਆਂ ਕਰਵਾਉਣ ਲਈ ਮਿਤੀ 22 ਫਰਵਰੀ ਨੂੰ ਗੁਲਜਾਰ ਗਰੁੱਪ ਆਫ਼ ਇੰਸਟੀਚਿਊਟ ਖੰਨਾ ਅਤੇ 22 ਫਰਵਰੀ ਨੂੰ ਹੀ ਗੌਰਮਿੰਟ ਇੰਸਟੀਚਿਊਟ ਟੈਕਸਟਾਈਲ ਕਮਿਸਟਰੀ ਐਂਡ ਨਿਟਿੰਗ ਟੈਕਨਾਲਜੀ ਰਿਸ਼ੀ ਨਗਰ ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾਣਗੇ। ਲੁਧਿਆਣਾ ਵਿੱਚ ਵਰਧਮਾਨ ਗਰੁੱਪ, ਆਰਤੀ ਸਟੀਲ, ਆਈ. ਸੀ. ਆਈ. ਸੀ. ਆਈ. ਬੈਂਕ ਸਮੇਤ ਅੰਤਰਰਾਸ਼ਟਰੀ ਅਤੇ ਸਥਾਨਕ ਪੱਧਰ ਦੀਆਂ 100 ਤੋਂ ਵਧੇਰੇ ਅਤੇ ਖੰਨਾ ਵਿਖੇ 50 ਤੋਂ ਵਧੇਰੇ ਕੰਪਨੀਆਂ ਦੇ ਨੁਮਾਇੰਦੇ ਪਹੁੰਚ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦਾ ਮੁੱਖ ਨਿਸ਼ਾਨਾ ਨੌਜਵਾਨਾਂ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੇਲਿਆਂ ਦਾ ਨੌਜਵਾਨਾਂ ਨੂੰ ਵੱਧ ਤੋ ਵੱਧ ਲਾਭ ਦਿਵਾਉਣ ਲਈ ਯਤਨ ਕੀਤੇ ਜਾਣ। ਉਨਾਂ ਦੱਸਿਆ ਕਿ ਇਹਨਾਂ ਮੇਲਿਆਂ ਵਿੱਚ ਲੁਧਿਆਣਾ ਅਤੇ ਪੰਜਾਬ ਦੀਆਂ ਨਾਮਵਰ ਕੰਪਨੀਆਂ ਦੇ ਨੁਮਾਇੰਦੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਆ ਰਹੇ ਹਨ। ਉਨਾਂ ਉਮੀਦ ਪ੍ਰਗਟਾਈ ਕਿ ਇਨਾਂ ਮੇਲਿਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਯੋਗਤਾ ਮੁਤਾਬਿਕ ਕੰਪਨੀਆਂ ਰੋਜਗਾਰ ਦੇਣਗੀਆਂ। ਲੁਧਿਆਣਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ਸੰਬੰਧੀ ਮੀਟਿੰਗ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਈ, ਜਿਸ ਵਿੱਚ ਲੁਧਿਆਣਾ (ਪੂਰਬੀ) ਦੇ ਐੱਸ. ਡੀ. ਐੱਮ. ਅਮਰਜੀਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।