![]()


ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਵਚਨਬੱਧ
ਲੁਧਿਆਣਾ, 26 ਜਨਵਰੀ ( ਸਤ ਪਾਲ ਸੋਨੀ ) : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਹਰ ਸਾਲ ਦੀ ਤਰਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ, ਆਜ਼ਾਦੀ ਘੁਲਾਟੀਏ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਕੈਬਨਿਟ ਮੰਤਰੀ ਓ.ਪੀ.ਸੋਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਓ.ਪੀ. ਸੋਨੀ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਓ.ਪੀ.ਸੋਨੀ ਨੇ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁਡ਼ ਬਹਾਲ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਦੀਆਂ ਸਨਅਤਾਂ ਵਿੱਚ ਨਵੀਂ ਰੂਹ ਫੂਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀ ਦੇ ਕਾਬਿਲ ਬਣਾ ਕੇ ਉਨਾਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ
ਇਸ ਮੌਕੇ ਉਨਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲਾ ਲੁਧਿਆਣਾ ਦੀਆਂ ਉਨਾਂ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ, ਜਿਨਾਂ ਨੇ ਵੱਖ–ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਉਨਾਂ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਡ਼ਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਸ਼੍ਰੀ ਸੋਨੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਅਤੇ ਮਿਤੀ 28 ਜਨਵਰੀ ਨੂੰ ਜ਼ਿਲਾ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ।
ਦੱਸਣਯੋਗ ਹੈ ਕਿ ਸਮਾਗਮ ਦੌਰਾਨ 2,000 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ। ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗਡ਼ਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ। ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੀਆਂ 23 ਝਾਕੀਆਂ ਵੀ ਸ਼ਹਿਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਮਾਈ ਭਾਗੋ ਵਿੱਦਿਆ ਸਕੀਮ ਤਹਿਤ 50 ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਗਈ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ 10 ਲਾਭਪਾਤਰੀਆਂ ਨੂੰ ਯੋਗਤਾ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ। ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਡ਼ਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਖੇਲੋਂ ਇੰਡੀਆ ਯੂਥ ਗੇਮਜ਼ ਦੇ ਜੇਤੂ ਖਿਡਾਰੀਆਂ ਨੂੰ ਸ਼੍ਰੀ ਸੋਨੀ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਤਿਆਰ ਮੈਗਜ਼ੀਨ ਨੂੰ ਵੀ ਰਿਲੀਜ਼ ਕੀਤਾ। ਮਾਰਚ ਪਾਸਟ ਦੀ ਅਗਵਾਈ ਆਈ.ਪੀ.ਐਸ. ਅਧਿਕਾਰੀ ਡਾ. ਪ੍ਰਗਿਆ ਜੈਨ ਨੇ ਕੀਤੀ।
ਸਮਾਗਮ ਦੌਰਾਨ ਵਿਧਾਇਕਸ੍ਰੀ ਸੁਰਿੰਦਰ ਡਾਬਰ, ਵਿਧਾਇਕ ਸੰਜੀਵ ਤਲਵਾਡ਼, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ, ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ)ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਗਰਾਂਉ ਨੀਰੂ ਕਤਿਆਲ ਗੁਪਤਾ, ਜ਼ਿਲਾ ਕਾਂਗਰਸ ਪ੍ਰਧਾਨਅਸ਼ਵਨੀ ਸ਼ਰਮਾ, ਅਮਰਜੀਤ ਸਿੰਘ ਟਿੱਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ,ਕੇ. ਕੇ. ਬਾਵਾ ਸੀਨੀਅਰ ਕਾਂਗਰਸੀ ਆਗੂ, ਮੇਜਰ ਸਿੰਘ ਭੈਣੀ, ਸਤਵਿੰਦਰ ਕੌਰ ਬਿੱਟੀ, ਰਮੇਸ਼ ਜੋਸ਼ੀ ਅਤੇ ਹੋਰ ਹਾਜ਼ਰ ਸਨ।