![]()

ਰੈਪਰ ਹਨੀ ਸਿੰਘ ਅਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਲੁਧਿਆਣਾ, 11 ਜੁਲਾਈ (ਸਤ ਪਾਲ ਸੋਨੀ) : ਰੈਪਰ ਹਨੀ ਸਿੰਘ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਉਣ ਵਿੱਚ ਲੱਗੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਨੀ ਸਿੰਘ ਦੇ ਸਮਰਥਕਾਂ ਵੱਲੋਂ ਮਿਲ ਰਹੀਆਂ ਧਮਕੀਆਂ ਦੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਏ ਸਟੈਂਡ ਦੀ ਹਮਾਇਤ ਕਰਦਿਆਂ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਰੈਪਰ ਹਨੀ ਸਿੰਘ ਅਤੇ ਉਨਾਂ ਸਾਰੇ ਗਾਇਕਾਂ ਅਤੇ ਕਲਾਕਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜੋ ਅਸ਼ਲੀਲਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਸਦੇ ਜੋ ਸਮਰਥਕ ਮਨੀਸ਼ਾ ਗੁਲਾਟੀ ਨੂੰ ਡਰਾ ਧਮਕਾ ਦੇ ਇਸ ਮਸਲੇ ਤੋਂ ਪਿੱਛੇ ਹਟਣ ਲਈ ਮਜ਼ਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਉਣਗੇ ਅਤੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕਰਨਗੇ। ਉਨਾਂ ਫ਼ਿਲਮਾਂ ਦੀ ਤਰਾਂ ਗੀਤ ਸੰਗੀਤ ਲਈ ਵੀ ਸੈਂਸਰ ਬੋਰਡ ਦੀ ਸਥਾਪਨਾ ਦੀ ਵਕਾਲਤ ਕੀਤੀ।