![]()

ਹਸਤਕਾਰ ਭਾਰਤ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ-ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ, 10 ਅਕਤੂਬਰ ( ਸਤ ਪਾਲ ਸੋਨੀ ) : ਕੱਪਡ਼ਾ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ‘ਤੇ ਹਸਤ ਕਲਾ ਵਿਭਾਗ ਦੇ ਬੁਨਕਰ ਸੇਵਾ ਕੇਂਦਰ ਪਾਣੀਪਤ ਵੱਲੋਂ ਜ਼ਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਥਾਨਕ ਸੂਖਮ, ਦਰਮਿਆਨੇ ਅਤੇ ਮੱਧਮ ਉਦਯੋਗਾਂ ਵਿਭਾਗ ਦੇ ਦਫ਼ਤਰ ਵਿਖੇ ਇੱਕ ਹਸਤਕਲਾ ਸਹਿਯੋਗ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੁਰਭੀ ਮਲਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਮਾਗਮ ਦੌਰਾਨ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਹਸਤਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਹਸਤਕਾਰਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਤੋਂ ਜਾਣੂ ਕਰਵਾਉਣਾ ਹੈ। ਜਿਸ ਦਾ ਸਮੂਹ ਹਸਤਕਾਰਾਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਸਮਾਗਮ ਦੌਰਾਨ ਸਵਾਗਤੀ ਸ਼ਬਦ ਬੋਲਣ ਵਾਲੇ ਬੁਨਕਰ ਸੇਵਾ ਕੇਂਦਰ ਪਾਣੀਪਤ ਦੇ ਸੀਨੀਅਰ ਅਧਿਕਾਰੀ ਸ੍ਰੀ ਲਾਲਤਾ ਪ੍ਰਸ਼ਾਦ ਨੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਯੋਜਨਾਵਾਂ ਦਾ ਵੇਰਵਾ ਪੇਸ਼ ਕੀਤਾ। ਉਨਾਂ ਇਸ ਕੈਂਪ ਦੇ ਆਯੋਜਨ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਮੁਹੱਈਆ ਕਰਵਾਏ ਗਏ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਉਨਾਂ ਦੇ ਵਿਭਾਗ ਦੀ ਅਗਵਾਈ ਵਿੱਚ ਕੰਮ ਕਰ ਰਹੇ ਹਸਤਕਾਰਾਂ ਵੱਲੋਂ ਤਿਆਰ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਕਿ ਆਮ ਲੋਕਾਂ ਵੱਲੋਂ ਕਾਫੀ ਪਸੰਦ ਕੀਤੀ ਗਈ।
ਇਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਹਸਤਕਲਾ ਬਾਰੇ ਇੱਕ ਸਵਾਲ-ਜਵਾਬ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਦੇ ਜੇਤੂਆਂ ਨੂੰ ਮੌਕੇ ‘ਤੇ ਉਪਹਾਰਾਂ ਨਾਲ ਨਿਵਾਜ਼ਿਆ ਗਿਆ। ਲੀਡ ਬੈਂਕ ਦੇ ਜ਼ਿਲਾ ਮੈਨੇਜਰ ਸ੍ਰ. ਅਨੂਪ ਸਿੰਘ ਚਾਵਲਾ ਨੇ ਬੈਂਕ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨਾਂ ਵੱਲੋਂ ਮੁਦਰਾ ਯੋਜਨਾ ਤਹਿਤ ਕਰਜ਼ਾ ਫਾਰਮ ਵੀ ਭਰਵਾਏ ਗਏ। ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਵੱਖ-ਵੱਖ ਬੀਮਾ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪੂਨਮ ਪ੍ਰੀਤ ਕੌਰ, ਡਾਇਰੈਕਟਰ ਐੱਮ. ਐੱਸ. ਐੱਮ. ਈ. ਸ੍ਰ. ਮੇਜਰ ਸਿੰਘ, ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਹਸਤਕਾਰ ਅਤੇ ਆਮ ਲੋਕ ਹਾਜ਼ਰ ਸਨ।