ਚੜ੍ਹਤ ਪੰਜਾਬ ਦੀ
ਮਹਿਰਾਜ,17 ਫਰਵਰੀ (ਪ੍ਰਦੀਪ ਸ਼ਰਮਾ):ਹਲਕਾ ਰਾਮਪੁਰਾ ਫੂਲ ਚ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ । ਕੋਠੇ ਮਹਾਂ ਸਿੰਘ ਤੋਂ ਮੌਜੂਦਾ ਕਾਂਗਰਸੀ ਸਰਪੰਚ ਹਰਬੰਸ ਕੌਰ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ।ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਅਕਾਲੀ ਦਲ ਵਿਚ ਸ਼ਾਮਲ ਹੋਏ ਮਨਜੀਤ ਸਿੰਘ ਸਿੱਧੂ ਬਿੱਟੀ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਹਰਬੰਸ ਕੌਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ।ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਮਾਣ ਸਤਿਕਾਰ ਤੇ ਅਹਿਮ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ।
ਮਲੂਕਾ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਸੱਤਾ ਦੇ ਨਸ਼ੇ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ।ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੀ ਕਾਂਗੜ ਨੇ ਕੋਈ ਦਿਲਚਸਪੀ ਨਹੀਂ ਵਿਖਾਈ।ਕਾਂਗੜ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਕਾਂਗਰਸ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ,ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਨ ਤੇ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਦਾ ਸ਼ਹਿਰੀ ਤਰਜ਼ ਤੇ ਵਿਕਾਸ ਕਰਵਾਇਆ ਜਾਵੇਗਾ ।ਲੋਕਾਂ ਨੂੰ ਉੱਚ ਪੱਧਰੀ ਸਿਹਤ ਅਤੇ ਸਿੱਖਿਆ ਸੇਵਾਵਾਂ ਦੇਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ।ਸੂਬੇ ਦੇ ਨੌਜਵਾਨਾਂ ਲਈ ਇੱਕ ਲੱਖ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਵੀ ਦੱਸ ਲੱਖ ਦੇ ਕਰੀਬ ਨੌਕਰੀਆਂ ਦੇ ਇੰਤਜ਼ਾਮ ਕੀਤੇ ਜਾਣਗੇ ।ਕਾਂਗਰਸ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਕੱਟੇ ਗਏ ਨੀਲੇ ਕਾਰਡ ਮੁੜ ਬਹਾਲ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ।ਮਲੂਕਾ ਨੇ ਕਿਹਾ ਕਿ ਮਨਜੀਤ ਸਿੰਘ ਬਿੱਟੀ ਦੇ ਹਲਕਾ ਰਾਮਪੁਰਾ ਫੂਲ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਦਾ ਉਹ ਸਵਾਗਤ ਕਰਦੇ ਹਨ । ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ ।
1071400cookie-checkਕਾਂਗਰਸ ਨੂੰ ਝਟਕਾ !ਮੌਜੂਦਾ ਸਰਪੰਚ ਅਕਾਲੀ ਦਲ ਚ ਸ਼ਾਮਲ