![]()


ਵਰਧਮਾਨ ਗਰੁੱਪ ਵੱਲੋਂ ਤਿਆਰ ਕਰਵਾਈ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ
ਲੁਧਿਆਣਾ, 29 ਜਨਵਰੀ ( ਸਤ ਪਾਲ ਸੋਨੀ ) : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਪਾਰਕ ਘਰਾਣਿਆਂ ਨੂੰ ਸੱਦਾ ਦਿੱਤਾ ਹੈ ਕਿ ਜੇਕਰ ਉਹ ਪੰਜਾਬ ਦਾ ਸਹੀ ਮਾਅਨਿਆਂ ਵਿੱਚ ਵਿਕਾਸ ਦੇਖਣਾ ਚਾਹੁੰਦੇ ਹਨ ਤਾਂ ਉਹ ਸਿੱਖਿਆ, ਸਿਹਤ ਅਤੇ ਹੋਰ ਉਨਾਂ ਖੇਤਰਾਂ ਵਿੱਚ ਪੈਸਾ ਲਗਾਉਣ, ਜਿਸ ਨਾਲ ਆਮ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਉੱਚਾ ਹੋਵੇ ਅਤੇ ਉਨਾਂ ਨੂੰ ਸਮਾਜ ਵਿੱਚ ਸਨਮਾਨ ਦਾ ਅਹਿਸਾਸ ਹੋਵੇ। ਉਹ ਅੱਜ ਸਥਾਨਕ ਗਿਆਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ। ਇਸ ਇਮਾਰਤ ਨੂੰ ਵਿਸ਼ਵ ਦੇ ਪ੍ਰਸਿੱਧ ਸਨਅਤੀ ਘਰਾਣੇ ਵਰਧਮਾਨ ਟੈਕਸਟਾਈਲ ਲਿਮਟਿਡ ਨੇ ਤਿਆਰ ਕਰਵਾਇਆ ਹੈ।
ਇਸ ਮੌਕੇ ਰੱਖੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਹ ਪੰਜਾਬ ਦੀ ਤ੍ਰਾਸਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ਵਿੱਚ ਨਾ ਤਾਂ ਸਿੱਖਿਆ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਅਤੇ ਨਾ ਹੀ ਹਰੇਕ ਨੂੰ ਜ਼ਰੂਰੀ ਸਿੱਖਿਆ ਮੁਹੱਈਆ ਕਰਾਉਣ ਲਈ ਯਤਨ ਕੀਤੇ ਗਏ। ਉਨਾਂ ਵਰਧਮਾਨ ਟੈਕਸਟਾਈਲ ਲਿਮਟਿਡ ਵੱਲੋਂ ਆਪਣੀ ਵਪਾਰਕ ਸਮਾਜਿਕ ਜਿੰਮੇਵਾਰੀ ਤਹਿਤ ਤਿਆਰ ਕੀਤੀ ਗਈ ਇਸ ਇਮਾਰਤ ਲਈ ਧੰਨਵਾਦ ਕਰਦਿਆਂ ਹੋਰਾਂ ਵਪਾਰਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਸਹੀ ਮਾਅਨਿਆਂ ਵਿੱਚ ਵਿਕਾਸ ਲਈ ਸਿੱਖਿਆ, ਸਿਹਤ ਅਤੇ ਹੋਰ ਉਨਾਂ ਖੇਤਰਾਂ ਵਿੱਚ ਵਪਾਰਕ ਸਮਾਜਿਕ ਜਿੰਮੇਵਾਰੀ ਗਤੀਵਿਧੀ ਅਧੀਨ ਪੈਸਾ ਲਗਾਉਣ ਲਈ ਅੱਗੇ ਆਉਣ।
ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕ ਆਪਣੇ ਸਿਰੜ ਕਰਕੇ ਜਾਣੇ ਜਾਂਦੇ ਹਨ। ਜੇਕਰ ਇਥੋਂ ਦੇ ਲੋਕ ਸੂਬੇ ਨੂੰ ਵਿਕਸਤ ਸੂਬਿਆਂ ਦੀ ਕਤਾਰ ਵਿੱਚ ਖੜਾ ਕਰਨ ਦੀ ਸੋਚ ਲੈਣ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੇ ਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਤੋਰ ਲਵੇਗਾ। ਉਨਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਉਨਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਨੂੰ ਸਨਅਤੀ ਪੱਖੋਂ ਵਿਕਸਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
-ਪੈਟਰੋਲੀਅਮ ਪਦਾਰਥਾਂ ਤੇ ਰੀਅਲ ਅਸਟੇਟ ਖੇਤਰ ਨੂੰ ਜੀ. ਐੱਸ. ਟੀ. ਦੇ ਘੇਰੇ ਅੰਦਰ ਲਿਆਉਣ ਦੀ ਵਕਾਲਤ: ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਬਜਟ ਵਿੱਚ ਸੂਬੇ ਲਈ ਵਿਸ਼ੇਸ਼ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਜੇਕਰ ਉਸ ਨੂੰ ਮੰਨ ਲਿਆ ਜਾਂਦਾ ਹੈ ਤਾਂ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਸ੍ਰ. ਬਾਦਲ ਨੇ ਪੈਟਰੋਲੀਅਮ ਪਦਾਰਥਾਂ ਤੇ ਰੀਅਲ ਅਸਟੇਟ ਖੇਤਰ ਨੂੰ ਜੀ. ਐੱਸ. ਟੀ. ਦੇ ਘੇਰੇ ਅੰਦਰ ਲਿਆਉਣ ਦੀ ਵਕਾਲਤ ਕੀਤੀ। ਉਨਾਂ ਕਿਹਾ ਕਿ ਉੱਤਰੀ ਰਾਜਾਂ ਦੀ ਸਾਂਝੀ ਕਮੇਟੀ, ਜਿਸ ਦੀ ਪੰਜਾਬ ਇਸ ਸਾਲ ਅਗਵਾਈ ਕਰ ਰਿਹਾ ਹੈ, ਨੇ ਫਰਵਰੀ ਮਹੀਨੇ ਹੋਣ ਵਾਲੀ ਮੀਟਿੰਗ ਵਿੱਚ ਫੈਸਲਾ ਕਰਨਾ ਹੈ ਕਿ ਇਨਾਂ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਹੋਰ ਪੈਟਰੋਲੀਅਮ ਉਤਪਾਦਾਂ ਦੇ ਭਾਅ ਵਿੱਚ ਇਕਸਾਰਤਾ ਲਿਆਂਦੀ ਜਾਵੇ ਤਾਂ ਜੋ ਕੁਝ ਰਾਜਾਂ ਵੱਲੋਂ ਭਾਅ ਘਟਾਉਣ ਨਾਲ ਦੂਜੇ ਰਾਜਾਂ ਨੂੰ ਪੈਣ ਵਾਲੀ ਆਰਥਿਕ ਮਾਰ ਤੋਂ ਬਚਿਆ ਜਾ ਸਕੇ।
ਪੱਤਰਕਾਰਾਂ ਦੁਆਰਾ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ ‘ਤੇ ਕਿਸੇ ਤਰਾਂ ਦਾ ਬਿਜਲੀ ਮੀਟਰ ਜਾਂ ਬਿੱਲ ਲਗਾਇਆ ਜਾ ਰਿਹਾ ਹੈ। ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਪਾਇਲਟ ਪ੍ਰੋਜੈਕਟ ਤਹਿਤ 6 ਫੀਡਰਾਂ ਦੇ ਕਿਸਾਨਾਂ ਨੂੰ ਬਿਜਲੀ ‘ਤੇ ਸਬਸਿਡੀ ਦੇਣ ਦਾ ਪ੍ਰਸਤਾਵ ਹੈ, ਜਿਸ ਤਹਿਤ ਕਿਸਾਨਾਂ ਨੂੰ ਉਨਾਂ ਦੀ ਪ੍ਰਤੀ ਟਿਊਬਵੈੱਲ 48 ਹਜ਼ਾਰ ਰੁਪਏ ਬਿਜਲੀ ਸਬਸਿਡੀ ਉਨਾਂ ਦੇ ਖਾਤੇ ‘ਚ ਪਾ ਦਿੱਤੀ ਜਾਇਆ ਕਰੇਗੀ। ਕਿਸਾਨ ਸੰਜ਼ਮ ਨਾਲ ਬਿਜਲੀ ਵਰਤ ਕੇ ਇਸ ਸਬਸਿਡੀ ਰਾਸ਼ੀ ਵਿੱਚੋਂ ਵੀ ਰਾਸ਼ੀ ਬਚਾ ਸਕਣਗੇ, ਜਿਸ ਨਾਲ ਜਿੱਥੇ ਬਿਜਲੀ ਦੀ ਬੱਚਤ ਹੋਵੇਗੀ, ਉਥੇ ਉਨਾਂ ਦੀ ਆਰਥਿਕਤਾ ਨੂੰ ਵੀ ਸਹਾਰਾ ਮਿਲੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ। ਕੁਝ ਤਾਕਤਾਂ ਸੂਬੇ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ, ਜਿਸ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਸਮਰੱਥ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹੈ-ਰਵਨੀਤ ਸਿੰਘ ਬਿੱਟੂ:
ਇਸ ਇਕੱਠ ਨੂੰ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਵੀ ਸੰਬੋਧਨ ਕਰਦਿਆਂ ਜਿੱਥੇ ਵਰਧਮਾਨ ਗਰੁੱਪ ਦੀ ਇਸ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੀ ਦੇਣ ਦੀ ਸ਼ਲਾਘਾ ਕੀਤੀ ਉਥੇ ਦਾਅਵੇ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਨਤੀਜੇ ਪ੍ਰਾਪਤ ਕਰਨ ਲਈ ਥੋੜਾ ਹੋਰ ਸਮਾਂ ਦੇਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਰਧਮਾਨ ਗਰੁੱਪ ਦੇ ਚੇਅਰਮੈਨ ਐੱਸ. ਪੀ. ਓਸਵਾਲ ਨੇ ਦੱਸਿਆ ਕਿ ਉਨਾਂ ਦੇ ਗਰੁੱਪ ਦੀ ਪਹਿਲ ਹਮੇਸ਼ਾਂ ਸਿੱਖਿਆ ਦੇ ਖੇਤਰ ਵਿੱਚ ਪੈਸਾ ਲਗਾਉਣ ਦੀ ਰਹੀ ਹੈ। ਉਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇ, ਜਿਸ ਲਈ ਉਨਾਂ ਦਾ ਗਰੁੱਪ ਭਵਿੱਖ ਵਿੱਚ ਵੀ ਲਗਾਤਾਰ ਯਤਨ ਜਾਰੀ ਰੱਖੇਗਾ। ਉਨਾਂ ਦੱਸਿਆ ਕਿ ਇਸ ਪ੍ਰਾਇਮਰੀ ਸਕੂਲ ‘ਤੇ ਗਰੁੱਪ ਵੱਲੋਂ 1.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਰਾਸ਼ੀ ਨਾਲ 14 ਕਮਰੇ ਅਤੇ ਦੋ ਪਖ਼ਾਨੇ ਤਿਆਰ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਬੈਠਣ ਲਈ ਬੈਂਚਾਂ ਦੀ ਲੋੜ ਪੂਰੀ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੰਜੇ ਤਲਵਾੜ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਪੁਲਿਸ ਕਮਿਸ਼ਨਰ ਆਰ. ਐੱਨ. ਢੋਕੇ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਸਾਬਕਾ ਵਿਧਾਇਕ ਜਸਵੀਰ ਸਿੰਘ ਖੰਗੂੜਾ ਤੇ ਮੁਹੰਮਦ ਸਦੀਕ, ਏ. ਕੇ. ਕੁੰਦਰਾ ਡਾਇਰੈਕਟਰ ਵਰਧਮਾਨ ਟੈਕਸਟਾਈਲ ਲਿਮਟਿਡ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਅਤੇ ਗੁਰਦੇਵ ਸਿੰਘ ਲਾਂਪਰਾਂ, ਪੰਜਾਬ ਕਾਂਗਰਸ ਦੇ ਬੁਲਾਰੇ ਰਮਨ ਸੁਬਰਾਮਨੀਅਮ, ਕ੍ਰਿਸ਼ਨ ਕੁਮਾਰ ਬਾਵਾ, ਸ੍ਰ. ਐੱਸ. ਐੱਸ. ਕਾਹਲੋਂ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।