ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ਦੀ ਲੋਡ਼-ਭਾਰਤ ਭੂਸ਼ਣ ਆਸ਼ੂ

Loading


ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ
ਲੁਧਿਆਣਾ, 15 ਮਈ ( ਸਤ ਪਾਲ ਸੋਨੀ ) : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀਡ਼ੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਨਾਂ  ਇਸ ਗੱਲ ਦੀ ਵਕਾਲਤ ਕੀਤੀ ਕਿ ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿਸ਼ੇ ‘ਤੇ ਵਿਸ਼ੇਸ਼ ਪੀਰੀਅਡਾਂ ਲੱਗਣੇ ਚਾਹੀਦੇ ਹਨ। ਇਸ ਬਾਰੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਆਸ਼ੂ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ  ਆਸ਼ੂ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ  ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ  ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ  ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ  ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।
ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨਾਂ  ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀਡ਼ੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨਾਂ  ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨਾਂ  ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਆਸ਼ੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਕੱਢ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾਡ਼ੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ  ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ  ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਇਸ ਮੌਕੇ ਸ਼ਹੀਦ ਸੁਖਦੇਵ ਥਾਪਰ ਸਰਕਾਰੀ ਸੀ. ਸੈ. ਸਕੂਲ ਭਾਰਤ ਨਗਰ ਸਕੂਲ ਅਤੇ ਰਾਮਗਡ਼ੀਆ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸੁਖਦੇਵ ਜੀ ਦੇ ਜੀਵਨ ਬਾਰੇ ਬਡ਼ੇ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਉਨਾਂ  ਸ਼ਹੀਦ ਜੀ ਦੇ ਜੀਵਨ ਬਾਰੇ ਕਈ ਨਵੇਂ ਤੱਥ ਪੇਸ਼ ਕੀਤੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਨੂੰ ਵਿਧਾਇਕ  ਸੰਜੇ ਤਲਵਾਡ਼, ਨਗਰ ਨਿਗਮ ਲੁਧਿਆਣਾ ਦੇ ਮੇਅਰ  ਬਲਕਾਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ, ਸਹਾਇਕ ਕਮਿਸ਼ਨਰ (ਜ)  ਅਮਰਿੰਦਰ ਸਿੰਘ ਮੱਲੀ, ਸੰਯੁਕਤ ਕਮਿਸ਼ਨਰ ਨਗਰ ਨਿਗਮ  ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ  ਰਮਨ ਸੁਬਰਾਮਨੀਅਮ, ਕੌਂਸਲਰ ਹਰਕਰਨ ਸਿੰਘ ਵੈਦ, ਕੌਂਸਲਰ  ਨਰਿੰਦਰ ਸ਼ਰਮਾ ਕਾਲਾ,  ਈਸ਼ਵਰਜੋਤ ਸਿੰਘ ਚੀਮਾ,  ਭਜਨ ਸਿੰਘ ਦੇਤਵਾਲ,  ਨਿਰਮਲ ਕੈਡ਼ਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

18820cookie-checkਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ਦੀ ਲੋਡ਼-ਭਾਰਤ ਭੂਸ਼ਣ ਆਸ਼ੂ

Leave a Reply

Your email address will not be published. Required fields are marked *

error: Content is protected !!