![]()
ਮੁੱਖ ਮੰਤਰੀ ਦੀ ਲੁਧਿਆਣਾ ਫੇਰੀ ਸੰਬੰਧੀ ਸ਼ਹਿਰ ਵਾਸੀਆਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 12 ਅਗਸਤ ( ਸਤ ਪਾਲ ਸੋਨੀ ) : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੁਧਿਆਣਾ ਫੇਰੀ ਸੰਬੰਧੀ ਸ਼ਹਿਰ ਵਾਸੀਆਂ ਅਤੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨਾਂ ਦੀ ਲੁਧਿਆਣਾ ਫੇਰੀ ਨਾਲ ਸ਼ਹਿਰ ਦੇ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ।
ਅੱਜ ਸਥਾਨਕ ਬਚਤ ਭਵਨ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਦੇ ਦੌਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਰਾਜ ਪੱਧਰੀ ਆਜ਼ਾਦੀ ਦਿਹਾਡ਼ਾ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਉਥੇ ਹੀ ਉਹ ਉਸ ਦਿਨ ‘ਬਡੀ ਪ੍ਰੋਗਰਾਮ’ ਲਾਂਚ ਕਰਨ ਦੇ ਨਾਲ-ਨਾਲ ‘ਕਰਜ਼ਾ ਰਾਹਤ ਯੋਜਨਾ’ ਦੇ ਅਗਲੇ ਗੇਡ਼ ਦੀ ਸ਼ੁਰੂਆਤ ਕਰਨਗੇ। ਇਸੇ ਸਮਾਗਮ ਦੌਰਾਨ ਉਹ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਦੇਣ ਦੀ ਯੋਜਨਾ ਦਾ ਵੀ ਆਰੰਭ ਕਰਨਗੇ।
ਸ੍ਰ. ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਿਤੀ 14 ਅਗਸਤ ਨੂੰ ਲੁਧਿਆਣਾ ਵਿਖੇ ਪੁੱਜਣਗੇ ਅਤੇ ਸ਼ਾਮ ਨੂੰ ਡੈਪੋ ਪ੍ਰੋਗਰਾਮ ਵਿੱਚ ਵਧੀਆ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਚਾਰ ਐੱਸ. ਡੀ. ਐੱਮਜ਼ ਅਤੇ ਚਾਰ ਡੀ. ਐੱਸ. ਪੀਜ਼ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕਰਨਗੇ। ਇਸ ਤੋਂ ਬਾਅਦ ਉਹ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਨੂੰ ‘ਸਮਾਰਟ’ ਸਕੂਲ ਵਜੋਂ ਵਿਕਸਤ ਕਰਨ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸਥਾਨਕ ਪਾਰਕ ਪਲਾਜ਼ਾ ਹੋਟਲ ਵਿਖੇ ਸ਼ਹਿਰ ਦੇ ਸਨਅਤਕਾਰਾਂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਵਿਕਾਸ ਲਈ ਵਿਚਾਰ ਲੈਣਗੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੀ ਇਸ ਫੇਰੀ ਨੂੰ ਇਤਿਹਾਸਕ ਬਣਾਉਣ ਲਈ ਪੁਰਜ਼ੋਰ ਯਤਨ ਕਰਨ। ਉਨਾਂ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇ। ਇਸ ਮੌਕੇ ਵਿਧਾਇਕ ਸੰਜੇ ਤਲਵਾਡ਼, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਕੌਂਸਲਰ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਗੁਰਪ੍ਰੀਤ ਗੋਗੀ, ਸਾਰੇ ਕੌਂਸਲਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।