ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

Loading

ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ,ਖਰੀਦ ਅਤੇ ਕਾਰੋਬਾਰ ਦੇ ਵੇਰਵਿਆਂ ਦਾ ਰਿਕਾਰਡ ਪੁਲਿਸ ਸਟੇਸ਼ਨ ਜਮਾਂ ਕਰਾਉਣ ਦੇ ਆਦੇਸ਼

ਮੂੰਹ ‘ਤੇ ਕੱਪੜਾ ਬੰਨ ਕੇ ਡਰਾਈਵ ਕਰਨ ਅਤੇ ਪੈਦਲ ਚੱਲਣ ‘ਤੇ ਪਾਬੰਦੀ

 ਲੁਧਿਆਣਾ, 18 ਸਤੰਬਰ ( ਸਤ ਪਾਲ ਸੋਨੀ ) : ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸੰਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ।

ਇਸ ਸੰਬੰਧੀ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਖਚੈਨ ਸਿੰਘ ਗਿੱਲ, ਪੁਲਿਸ ਕਮਿਸ਼ਨਰ, ਲੁਧਿਆਣਾ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਇਸੇ ਤਰਾਂ  ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਉਨਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ ‘ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨਾਂ ਆਪਣੇ ਅਧੀਨ ਪੈਂਦੇ ਖੇਤਰ ਵਿੱਚ ਵਾਹਨ ਚਾਲਕਾਂ ਵੱਲੋਂ ਮੂੰਹ ‘ਤੇ ਕੱਪੜਾ ਬੰਨ ਕੇ ਡਰਾਈਵ ਕਰਨ ਅਤੇ ਪੈਦਲ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਪਾਬੰਦੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਕੁਝ ਰਾਹਗੀਰ ਆਪਣਾ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਮੂੰਹ ਢੱਕ ਲੈਂਦੇ ਹਨ। ਜਿਸ ਨਾਲ ਉਨਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਅਨਸਰ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚ ਸਕਦੇ ਹਨ। ਇਸ ਲਈ ਆਮ ਲੋਕਾਂ ਦੇ ਹਿੱਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਉਨਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜਾ ਕਾਰਨ ਮੈਡੀਕਲ ਸੁਪਰਵੀਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇਗੀ। ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਜਾਰੀ ਰਹਿਣਗੇ। ਉਨਾਂ ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਵਾਹਨਾਂ ‘ਤੇ ਅਣਅਧਿਕਾਰਤ ਤੌਰ ‘ਤੇ ਪੁਲਿਸ, ਫੌਜ, ਵੀ. ਆਈ. ਪੀ., ਆਨ ਗੌਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ।

 

 

 

 

 

25580cookie-checkਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

Leave a Reply

Your email address will not be published. Required fields are marked *

error: Content is protected !!