![]()

ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇ ‘ਤੇ ਹਾਲੇ ਵਿਚਾਰ ਨਹੀਂ ਕੀਤਾ–ਸਪੀਕਰ
ਲੁਧਿਆਣਾ, 16 ਅਕਤੂਬਰ ( ਸਤ ਪਾਲ ਸੋਨੀ ) ਪੰਜਾਬ ਵਿਧਾਨ ਸਭਾ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਉਨ੍ਨਾਂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇ ‘ਤੇ ਹਾਲੇ ਵਿਚਾਰ ਨਹੀਂ ਕੀਤਾ ਹੈ।ਮਨਜ਼ੂਰੀ ਤੋਂ ਪਹਿਲਾਂ ਅਸਤੀਫੇ ਨੂੰ ਚੰਗੀ ਤਰਾਂ ਵਾਚਿਆ ਜਾਵੇਗਾ। ਉਹ ਅੱਜ ਪਿੰਡ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਉਸਾਰੀ ਯਾਦਗਾਰ ਵਿਖੇ ਜਨਮ ਦਿਵਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੈਰ–ਰਸਮੀ ਗੱਲਬਾਤ ਕਰਦਿਆਂ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਵਿਧਾਇਕ ਫੂਲਕਾ ਦਾ ਅਸਤੀਫ਼ਾ ਉਨਾਂ ਕੋਲ ਪਹੁੰਚ ਗਿਆ ਹੈ, ਜਿਸ ‘ਤੇ ਹਾਲੇ ਵਿਚਾਰ ਨਹੀਂ ਕੀਤਾ ਗਿਆ ਹੈ। ਇਸ ਨੂੰ ਮਨਜ਼ੂਰ ਕਰਨ ਤੋਂ ਪਹਿਲਾਂ ਉਹ ਅਸਤੀਫ਼ੇ ਨੂੰ ਤਕਨੀਕੀ ਤੌਰ ‘ਤੇ ਵਾਚਣਗੇ ਕਿ ਇਹ ਮਨਜੂਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨਾਂ ਕਿਹਾ ਕਿ ਇਹ ਸਪੀਕਰ ਦਾ ਅਧਿਕਾਰ ਹੈ ਕਿ ਉਹ ਕਿਸੇ ਦਾ ਅਸਤੀਫਾ ਸਵੀਕਾਰ ਜਾਂ ਅਸਵੀਕਾਰ ਕਰਨ ਤੋਂ ਪਹਿਲਾਂ ਉਸ ਬਾਰੇ ਸਾਰੇ ਪੱਖਾਂ ਨੂੰ ਘੋਖ ਲਵੇ। ਉਨਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਕਥਿਤ ਹਮਲੇ ਦੀ ਸਾਜਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰ ‘ਤੇ ਕਿਸੇ ਵੀ ਹਿੰਸਕ ਕਾਰਵਾਈ ਦਾ ਵਿਰੋਧ ਕਰਦੇ ਹਨ।
ਬਾਬਾ ਬੰਦਾ ਸਿੰਘ ਬਹਾਦਰ ਬਾਰੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਤਿਹਾਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਇੱਕ ਜਰਨੈਲ ਅਤੇ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ। ਬਿਨਾਂ ਸ਼ੱਕ ਉਨਾਂ ਸੂਰਬੀਰਤਾ ਅਤੇ ਲਾਸਾਨੀ ਕੁਰਬਾਨੀ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਉਨਾਂ ਦੀ ਸੁਰਬੀਰਤਾ ਅਤੇ ਸੇਵਾਵਾਂ ਬਾਰੇ ਹਾਲੇ ਤੱਕ ਪੂਰੀ ਤਰਾਂ ਜਾਣੂ ਨਹੀਂ ਹਨ। ਉਨਾਂ ਇਤਿਹਾਸਕਾਰਾਂ ਅਤੇ ਖੋਜੀਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸੇਵਾਵਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਹੋਰ ਉਪਰਾਲੇ ਕਰਨ।
ਇਸ ਤੋਂ ਬਾਅਦ ਉਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸੇਵਾਵਾਂ ਨੂੰ ਲੋਕਾਂ ਤੱਕ ਲਿਜਾਣ ਲਈ ਦ੍ਰਿੜ ਵਚਨਬੱਧ ਹੈ। ਉਨਾਂ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪ੍ਰਧਾਨ ਕੇ. ਕੇ. ਬਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਇਤਿਹਾਸ ਵਿੱਚ ਯੋਗ ਸਥਾਨ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜਗਪਾਲ ਸਿੰਘ ਖੰਗੂੜਾ, ਪਵਨ ਦੀਵਾਨ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਅਤੇ ਵੱਡੀ ਗਿਣਤੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਪੈਰੋਕਾਰ ਅਤੇ ਸੰਗਤ ਹਾਜ਼ਰ ਸੀ।