![]()
ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਗਰੀਨ ਦੀਵਾਲੀ ਮਨਾਉਣ ਦਾ ਸੱਦਾ

ਲੁਧਿਆਣਾ, 06 ਨਵੰਬਰ ( ਸਤ ਪਾਲ ਸੋਨੀ ) : ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ”ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਆਯੋਜਿਤ ਮੀਟਿੰਗ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ ਅਤੇ ਅਵਾਜ਼ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਾਹਨਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਸਮੇਂ ਸਿਰ ਭੇਜੀ ਜਾਵੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲਾ ਵਾਸੀਆਂ ਨੂੰ ਸ਼ੁੱਧ, ਮਿਆਰੀ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਹਿੱਤ ਹਲਵਾਈਆਂ, ਖਾਣ-ਪੀਣ ਦੀਆਂ ਦੁਕਾਨਾਂ ਅਤੇ ਹੋਰ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲੇ ਅਦਾਰਿਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੈਂਪਲ ਭਰੇ ਜਾਣ। ਉਨਾਂ ਕਿਹਾ ਕਿ ਮਿਲਾਵਟਖੋਰਾਂ ਅਤੇ ਨਕਲੀ ਵਸਤੂਆਂ ਤਿਆਰ ਕਰਨ ਵਾਲੇ ਅਦਾਰਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਅਤੇ ਅਦਾਰਿਆਂ ਦੇ ਵੱਧ ਤੋਂ ਵੱਧ ਚਲਾਨ ਕਰਕੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਉਨਾਂ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨਾਂ ਪਬਲਿਕ ਵਰਕਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਜ਼ਿਲਾ ਵਿੱਚ ਵੱਧ ਤੋਂ ਵੱਧ ਕੈਂਪ ਆਯੋਜਿਤ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਹਰ ਹਫਤੇ ਭੇਜਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ। ਉਨਾਂ ਦੱਸਿਆ ਕਿ ਪਟਾਕਿਆਂ ਦੇ ਧੂਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ, ਉਥੇ ਬਹੁਤ ਜਿਆਦਾ ਸ਼ੋਰ ਨਾਲ ਬਿਮਾਰ ਵਿਅਕਤੀ, ਬਜ਼ੁਰਗਾਂ ਅਤੇ ਪੰਛੀਆਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ ਅਤੇ ਉਹ ਅਸਹਿਜ ਮਹਿਸੂਸ ਕਰਦੇ ਹਨ ਜਿਸ ਨਾਲ ਬਿਮਾਰੀ ਵਿੱਚ ਹੋਰ ਵਾਧਾ ਹੋ ਜਾਂਦਾ ਹੈ। ਉਨਾਂ ਹੋਰਨਾਂ ਵਿਭਾਗਾਂ ਤੋਂ ਇਲਾਵਾ ਸਿੱਖਿਆ ਵਿਭਾਗ, ਜੰਗਲਾਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਖੇਡ ਵਿਭਾਗ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਵੀ ਹਾਜ਼ਰ ਸਨ।