![]()
ਸਵਰਗੀ ਪੰਡਿਤ ਨਰਾਇਣ ਦਾਸ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

ਲੁਧਿਆਣਾ, 18 ਨਵੰਬਰ ( ਸਤ ਪਾਲ ਸੋਨੀ ) : ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਜੀਵਨ, ਵਧੀਆ ਸਿੱਖਿਆ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨਾਂ ਇਹ ਸ਼ਬਦ ਅੱਜ ਸਥਾਨਕ ਵਾਰਡ ਨੰਬਰ 68 ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਪ੍ਰਗਟ ਕੀਤੇ। ਇਹ ਕੈਂਪ ਭਾਰਤ ਭੂਸ਼ਣ ਆਸ਼ੂ ਦੇ ਪਿਤਾ ਸਵਰਗੀ ਪੰਡਿਤ ਨਰਾਇਣ ਦਾਸ ਦੀ ਯਾਦ ਵਿੱਚ ਲਗਾਇਆ ਗਿਆ ਸੀ। ਜਿਸ ਵਿੱਚ 101 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵਧੇਰੇ ਤਵੱਜੋਂ ਚੰਗੀਆਂ ਸਿਹਤ ਸਹੂਲਤਾਂ, ਵਧੀਆ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਸਿਹਤਮੰਦ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਭਾਰੀ ਸਫ਼ਲਤਾ ਮਿਲ ਰਹੀ ਹੈ। ਲੋਕਾਂ ਨੂੰ ਚੰਗੇ ਖਾਣ-ਪੀਣ, ਰਹਿਣ-ਸਹਿਣ ਅਤੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਵਿੱਚ ਵਾਧਾ ਅਤੇ ਗੁਣਵੱਤਾ ਵਿੱਚ ਸੁਧਾਰ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨਾਂ ਖੂਨਦਾਨ ਨੂੰ ਸਭ ਤੋਂ ਉੱਤਮ ਦਾਨ ਦਾ ਨਾਮ ਦਿੱਤਾ।
ਆਸ਼ੂ ਨੇ ਇਸ ਪਰਉਪਕਾਰ ਕਾਰਜ ਲਈ ਵਾਰਡ ਨੰਬਰ 68 ਦੇ ਕੌਂਸਲਰ ਸ੍ਰ. ਬਲਜਿੰਦਰ ਸਿੰਘ ਬੰਟੀ ਅਤੇ ਉਨਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਕੌਂਸਲਰ ਪਰਵਿੰਦਰ ਸਿੰਘ, ਭਗਵਿੰਦਰਪਾਲ ਸਿੰਘ ਗੋਲਡੀ ਸੂਬਾ ਪ੍ਰਧਾਨ ਇੰਟਰਨੈਸ਼ਨਲ ਹਿਊਮਨ ਰਾਈਟ ਕੌਂਸਲ ਅਤੇ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।