![]()
-ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਹੁੰ ਚੁਕਾਉਣ ਪਹੁੰਚਣਗੇ
ਲੁਧਿਆਣਾ, 9 ਜਨਵਰੀ ( ਸਤ ਪਾਲ ਸੋਨੀ ) : ਨਵੇਂ ਚੁਣੇ ਗਏ ਪੰਚਾਂ/ਸਰਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲਾ ਪੱਧਰੀ ਸਮਾਗਮ ਮਿਤੀ 11 ਜਨਵਰੀ ਦਿਨ ਸ਼ੁੱਕਰਵਾਰ ਪਿੰਡ ਕਿਲਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਖੇਡ ਸਟੇਡੀਅਮ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਚਾਰੂ ਪ੍ਰਬੰਧ ਕਰਨ ਲਈ ਯੋਗ ਹਦਾਇਤਾਂ ਜਾਰੀ ਕੀਤੀਆਂ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਗਏ ਪੰਚ/ਸਰਪੰਚ, ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਪਹੁੰਚਣਗੇ। ਉਨਾਂ ਕਿਹਾ ਕਿ ਇਸ ਸਮਾਗਮ ਵਿੱਚ 12 ਹਜ਼ਾਰ ਤੋਂ ਵਧੇਰੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੁਤਾਬਿਕ ਪ੍ਰਬੰਧ ਕੀਤੇ ਜਾ ਰਹੇ ਹਨ।
ਸ੍ਰੀ ਅਗਰਵਾਲ ਨੇ ਪੰਚਾਂ/ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰਸਮੀ ਸਹੁੰ ਚੁੱਕ ਸਮਾਗਮ ਵਿੱਚ ਹਰ ਹੀਲੇ ਪਹੁੰਚਣਾ ਯਕੀਨੀ ਬਣਾਉਣ। ਸਮਾਗਮ ਦੌਰਾਨ ਸਰਪੰਚਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਜਾ ਰਹੇ ਅਰਧ ਸਰਕਾਰੀ ਪੱਤਰ ਵੀ ਦਿੱਤੇ ਜਾਣਗੇ। ਇਸ ਮੌਕੇ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਮੇਂ ਸਿਰ ਸਮੁੱਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਦੀਪਕ ਪਾਰਿਕ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਜੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
