![]()

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ-ਡਿਪਟੀ ਕਮਿਸ਼ਨਰ
ਲੁਧਿਆਣਾ, 31 ਜਨਵਰੀ ( ਸਤ ਪਾਲ ਸੋਨੀ ) : ਜ਼ਿਲਾ ਲੁਧਿਆਣਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਜ਼ੋਰਾਂ ‘ਤੇ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਡੈਪੋ’ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਜ਼ਿਲਾ ਪ੍ਰਸਾਸ਼ਨ ਵੱਲੋਂ ਹੁਣ ਤੱਕ ਜ਼ਿਲਾ ਲੁਧਿਆਣਾ ਵਿਚ 362 ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 23 ਮਾਰਚ, 2018 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਡੈਪੋ ਮੁਹਿੰਮ ਦੀ ਸੂਬਾ ਪੱਧਰੀ ਸ਼ੁਰੂਆਤ ਕੀਤੀ ਸੀ। ਜਿਸ ਤਹਿਤ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਜਾਰੀ ਹਨ।

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਡੈਪੋ ਮੁਹਿੰਮ ਨੂੰ ਇਸ ਦਿਸ਼ਾ ਵਿੱਚ ਵੱਡਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਸਭ ਤੋਂ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਮੁਹਿੰਮ ਦੀ ਨੇੜਿਉਂ ਸੁਪਰਵੀਜ਼ਨ ਕੀਤੀ ਜਾ ਰਹੀ ਹੈ। ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਡੈਪੋਜ਼ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ‘ਨਸ਼ਾ ਮੁਕਤ ਮੁਹੱਲਾ’ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮ, ਅਧਿਕਾਰੀ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦੇ ਇਸ ਪ੍ਰੋਗਰਾਮ ਦੇ ਡੈਪੋਜ਼ ਹਨ। ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਹੁਣ ਤੱਕ ਮਾਛੀਵਾੜਾ ਕਮਿਊਨਿਟੀ ਹੈੱਲਥ ਸੈਂਟਰ ਦੀ ਹੱਦ ਅੰਦਰ 88 ਕੈਂਪ, ਕਮਿਊਨਿਟੀ ਹੈੱਲਥ ਸੈਂਟਰ ਮਾਨੂੰਪੁਰ ਦੀ ਹੱਦ ਅੰਦਰ 56 ਕੈਂਪ, ਕਮਿਊਨਿਟੀ ਹੈੱਲਥ ਸੈਂਟਰ ਸੁਧਾਰ ਦੀ ਹੱਦ ਅੰਦਰ 35 ਕੈਂਪ, ਕਮਿਊਨਿਟੀ ਹੈੱਲਥ ਸੈਂਟਰ ਪੱਖੋਵਾਲ ਦੀ ਹੱਦ ਅੰਦਰ 34 ਕੈਂਪ, ਸਬ ਡਵੀਜ਼ਨਲ ਹਸਪਤਾਲ ਜਗਰਾਂਉ ਅਤੇ ਪਾਇਲ ਦੀ ਹੱਦ ਅੰਦਰ 27-27, ਕਮਿਊਨਿਟੀ ਹੈੱਲਥ ਸੈਂਟਰ ਸਾਹਨੇਵਾਲ ਦੀ ਹੱਦ ਅੰਦਰ 26 ਕੈਂਪ, ਕਮਿਊਨਿਟੀ ਹੈੱਲਥ ਸੈਂਟਰ ਮਲੌਦ ਦੀ ਹੱਦ ਅੰਦਰ 25 ਕੈਂਪ, ਕਮਿਊਨਿਟੀ ਹੈੱਲਥ ਸੈਂਟਰ ਸਮਰਾਲਾ ਅਤੇ ਡੇਹਲੋਂ ਦੀ ਹੱਦ ਅੰਦਰ 12-12 ਅਤੇ ਸਿਵਲ ਹਸਪਤਾਲ ਲੁਧਿਆਣਾ, ਸਬ ਡਵੀਜ਼ਨਲ ਹਸਪਤਾਲ ਖੰਨਾ, ਕਮਿਊਨਿਟੀ ਹੈੱਲਥ ਸੈਂਟਰ ਸਿੱਧਵਾਂ ਬੇਟ ਅਤੇ ਕਮਿਊਨਿਟੀ ਹੈੱਲਥ ਸੈਂਟਰ ਹਠੂਰ ਦੀ ਹੱਦ ਅੰਦਰ 2-2 ਕੈਂਪ ਲਗਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਇਸ ਮੁਹਿੰਮ ਤਹਿਤ ਹਰੇਕ ਪਿੰਡ ਅਤੇ ਕਸਬੇ ਵਿੱਚ ਡੈਪੋ ਤਹਿਤ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਪ੍ਰੋਗਰਾਮ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।