![]()

ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦਾ ਸੱਦਾ
ਲੁਧਿਆਣਾ, 15 ਅਗਸਤ (ਸਤ ਪਾਲ ਸੋਨੀ : ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਵਿਜੇ ਇੰਦਰ ਸਿੰਗਲਾ ਨੇ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ। ਉਨਾਂ ਕਿਹਾ ਕਿ ਇਸ ਮਹਾਨ ਦਿਨ ‘ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਿਆ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ ‘ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੁੰਦੇ ਹੋਏ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ–ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।
ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਸ ਸਦਕਾ ਪੰਜਾਬ ਜਲਦ ਹੀ ਵਿਕਾਸ ਦੀਆਂ ਲੀਹਾਂ ‘ਤੇ ਦੌਡ਼ੇਗਾ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਜਲਦ ਹੀ ਆਰਥਿਕ ਤੌਰ ‘ਤੇ ਆਪਣੇ ਪੈਰਾਂ ਸਿਰ ਹੋ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਸਭ ਤੋਂ ਵਧੇਰੇ ਤਵੱਜ਼ੋ ਦਿੱਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ ਢਾਈ ਸਾਲਾਂ ਵਿੱਚ ਸੂਬੇ ਦੇ 3700 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ। ਸੂਬੇ ਦੇ ਸਾਰੇ 19000 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ‘ਸਮਾਰਟ ਸਕੂਲ ਨੀਤੀ‘ ਲਿਆਂਦੀ ਜਾ ਰਹੀ ਹੈ, ਜਿਸ ਅਧੀਨ ਲੋਕਾਂ ਦੇ ਸਹਿਯੋਗ ਨਾਲ ਇਨਾਂ ਸਕੂਲਾਂ ਦੀ ਮੁਕੰਮਲ ਕਾਇਆ ਕਲਪ ਕੀਤੀ ਜਾਵੇਗੀ। ਅਗਲੇ ਕੁਝ ਸਮੇਂ ਵਿੱਚ ਸੂਬੇ ਦੇ 1300 ਸਕੂਲਾਂ ਨੂੰ ਸੋਲਰ ਐਨਰਜੀ ਯੁਕਤ ਕਰਨ ਦਾ ਟੀਚਾ ਹੈ। ਸੂਬੇ ਦੇ 13000 ਤੋਂ ਵਧੇਰੇ ਸਕੂਲਾਂ ਵਿੱਚ ਪ੍ਰੀ–ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਹੋ ਚੁੱਕੀ ਹੈ।
ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸਾਈਕਲ ਸਨਅਤ ਨੂੰ ਮੁੜ ਸੁਰਜੀਤ ਕਰਨ ਲਈ ਪਿੰਡ ਧਨਾਨਸੂ ਵਿਖੇ 380 ਏਕੜ ਰਕਬੇ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਸਾਈਕਲ ਵੈਲੀ ਤਿਆਰ ਕੀਤੀ ਜਾ ਰਹੀ ਹੈ। ਇਸੇ ਤਰਾਂ ਹਲਵਾਰਾ ਵਿਖੇ ਸਿਵਲ ਟਰਮੀਨਲ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿੱਥੋਂ ਕਿ ਅਗਲੇ ਢਾਈ ਸਾਲਾਂ ਵਿੱਚ ਘਰੇਲੂ ਉਡਾਨਾਂ ਸ਼ੁਰੂ ਕਰਨ ਦਾ ਟੀਚਾ ਹੈ। ਸ਼ਹਿਰ ਲੁਧਿਆਣਾ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਲੁਧਿਆਣਾ ਨੂੰ 6.5 ਕਰੋੜ ਰੁਪਏ ਲਾਗਤ ਵਾਲੀ ਸੁਪਰ ਸਕਸ਼ਨ ਮਸ਼ੀਨ ਮੁਹੱਈਆ ਕਰਵਾਈ ਜਾ ਰਹੀ ਹੈ।
ਸੂਬੇ ਦੇ ਵਿਕਾਸ ਬਾਰੇ ਉਨਾਂ ਦੱਸਿਆ ਕਿ 3000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸੇ ਤਰਾਂ ਵੱਖ–ਵੱਖ 36 ਸ਼ਹਿਰਾਂ ਅਤੇ ਕਸਬਿਆਂ ਵਿੱਚ 650 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰਬ੍ਰਿਜ ਜਾਂ ਰੇਲਵੇ ਅੰਡਰਬ੍ਰਿਜ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।ਵਿਜੇ ਇੰਦਰਸਿੰਗਲਾ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਗਰੁੱਪਾਂ ਨੂੰ 10 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨਾਂ ਆਜ਼ਾਦੀ ਦਿਹਾੜਾ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਸਕੂਲਾਂ ਲਈ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਵੀ ਉਨਾਂ ਦੇ ਨਾਲ ਸਨ।

ਸਮਾਰੋਹ ਦੌਰਾਨ ਸ੍ਰੀ ਸਿੰਗਲਾ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ–ਨਾਲ ਵੱਖ–ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 29 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨਾਂ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਪਰੇਡ ਕਮਾਂਡਰ ਪ੍ਰਭਜੋਤ ਕੌਰ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕਡ਼ੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਸਮਾਗਮ ਤੋਂ ਬਾਅਦ ਸੂਬੇ ਦੇ ਵਿਕਾਸ ਨੂੰ ਦਰਸਾਉਂਦੀਆਂ ਵਿਕਾਸ ਝਾਕੀਆਂ ਵੀ ਸ਼ਹਿਰ ਵਿੱਚ ਕੱਢੀਆਂ ਗਈਆਂ, ਜਿਸ ਨੂੰ ਵਿਜੇ ਇੰਦਰ ਸਿੰਗਲਾ ਨੇ ਰਵਾਨਾ ਕੀਤਾ।
ਇਸ ਮੌਕੇ ਸੁਰਿੰਦਰ ਡਾਬਰ, ਸੰਜੇ ਤਲਵਾਡ਼, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਜ਼ਿਲਾ ਤੇ ਸ਼ੈਸ਼ਨ ਜੱਜ ਗੁਰਬੀਰ ਸਿੰਘ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕੇ. ਕੇ. ਬਾਵਾ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਗਰ ਨਿਗਮ ਕਮਿਸ਼ਨਰ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ ਅਤੇ ਸ੍ਰ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਰਿਸ਼ੀਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਨੀਰੂ ਕਤਿਆਲ ਗੁਪਤਾ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਅਤੇ ਪਵਨ ਦੀਵਾਨ, ਜ਼ਿਲਾ ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ, ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਭੈਣੀ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।