![]()

ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ
ਲੁਧਿਆਣਾ ( ਬਿਊਰੋ ) : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਚੌਧਰੀ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।
ਉਨਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ।ਨੌਜਵਾਨਾਂ ਨੂੰ ਨੌਕਰੀ ਦੇ ਕਾਬਿਲ ਬਣਾ ਕੇ ਉਨਾਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।ਉਨਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੀਤੇ ਗਏ ਉਪਰਾਲਿਆਂ ਦਾ ਵੀ ਵਿਸ਼ੇਸ਼ ਵਰਨਣ ਕੀਤਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲਾ ਲੁਧਿਆਣਾ ਦੀਆਂ ਉਨਾਂ 35 ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ, ਜਿਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨਾਂ ਜ਼ਿਲਾ ਰੈਬਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਅਰੁਨਾ ਚੌਧਰੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਅਤੇ ਜ਼ਿਲਾ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਮਿਤੀ 27 ਜਨਵਰੀ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ।

ਦੱਸਣਯੋਗ ਹੈ ਕਿ ਸਮਾਗਮ ਦੌਰਾਨ 2200 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੀਆਂ 22 ਝਾਕੀਆਂ ਵੀ ਸ਼ਹਿਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ।

ਸਮਾਗਮ ਦੌਰਾਨ ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ, ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ, ਅਭਿਨਵ ਚੌਧਰੀ (ਸਪੁੱਤਰ ਅਰੁਨਾ ਚੌਧਰੀ), ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਸੁਖਪਾਲ ਸਿੰਘ ਬਰਾੜ ਅਤੇ ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿ) ਅੰਮਿ੍ਰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਗਰਾਂਉ ਨੀਰੂ ਕਤਿਆਲ ਗੁਪਤਾ, ਜ਼ਿਲਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਅਮਰਜੀਤ ਸਿੰਘ ਟਿੱਕਾ, ਰਮਨ ਬਾਲਾਸੁਬਰਾਮਨੀਅਮ, ਸੁਖਵਿੰਦਰ ਸਿੰਘ ਬਿੰਦਰਾ, ਯਾਦਵਿੰਦਰ ਸਿੰਘ ਜੰਡਾਲੀ ਅਤੇ ਮੁਹੰਮਦ ਗੁਲਾਬ (ਸਾਰੇ ਚੇਅਰਮੈਨ) ਅਤੇ ਹੋਰ ਹਾਜ਼ਰ ਸਨ।