May 3, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 9 ਨਵੰਬਰ,(ਸਤ ਪਾਲ ਸੋਨੀ):ਪੰਜਾਬ ਦੇ 48 ਸਰਕਾਰੀ ਕਾਲਜਾਂ ‘ਚ ਕੰਮ ਕਰਦੇ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰਕੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਨੂੰ ਗੈਸਟ ਪ੍ਰੋਫੈਸਰਾਂ ਨਾਲ ਇਨਸਾਫ਼ ਕਰਨਾ ਚਾਹੀਦਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਲੁਧਿਆਣਾ ਵਿਚ ਸੂਬਾ ਪੱਧਰੀ ਇਕੱਤਰਤਾ ਮੌਕੇ ਕੀਤਾ।
ਸਾਰੇ ਸਰਕਾਰੀ ਕਾਲਜਾਂ ਚੋਂ ਵੱਡੀ ਗਿਣਤੀ ‘ਚ ਪਹੁੰਚੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਰਾਵਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਉਚੇਰੀ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਵੱਲੋਂ ਜਲਦੀ ਹੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਹੋ ਰਹੇ ਆਰਥਿਕ ਸ਼ੋਸ਼ਣ ਨੂੰ ਬੰਦ ਕਰਨ ਪ੍ਰਤੀ ਬੇਨਤੀ ਕੀਤੀ ਗਈ ਹੈ ।
ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ, ਪ੍ਰੋ. ਕੁਲਦੀਪ ਬਾਹੀਆ ਸੁਨਾਮ, ਪ੍ਰੋ. ਕੁਲਦੀਪ ਚੌਹਾਨ ਮਾਨਸਾ, ਪ੍ਰੋ. ਸੁਖਜੀਤ ਸਿੰਘ ਫ਼ਰੀਦਕੋਟ, ਡਾ. ਪਰਮਜੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਡਾ. ਦਲਜੀਤ ਕੌਰ ਨਯਾ ਨੰਗਲ, ਪ੍ਰੋ. ਸੁਦੀ ਸੁਨਾਮ, ਪ੍ਰੋ. ਪਵਿੱਤਰ ਸਿੰਘ ਜ਼ੀਰਾ, ਪ੍ਰੋ. ਰਵਨੀਤ ਕੌਰ ਰੋਪੜ, ਪ੍ਰੋ. ਰੇਖਾ ਆਦਿ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਨੇ ਉਨ੍ਹਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾ ਸਕਦਾ ।
ਉਨ੍ਹਾਂ ਕਿਹਾ ਕਿ ਮੌਜੂਦਾ ਚੰਨੀ ਸਰਕਾਰ ਵੱਲੋਂ ਨਵੀਆਂ ਅਸਾਮੀਆਂ ਕੱਢੀਆਂ ਗਈਆਂ ਹਨ ਜਿਸ ਨਾਲ ਉਨ੍ਹਾਂ ਦੀ ਨੌਕਰੀ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਪੜ੍ਹਾਉਣ ਵਾਲੇ ਸਾਡੇ ਮਾਪੇ ਅਸੀਂ ਤੇ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਹੋ ਚੁੱਕਾ ਹੈ ਕਿਉਂਕਿ ਅਸੀਂ ਅਠਾਰਾਂ ਵੀਹ ਸਾਲ ਸਰਕਾਰੀ ਕਾਲਜਾਂ ‘ਚ ਕੰਮ ਕਰਨ ਤੋਂ ਬਾਅਦ ਵੀ ਸਾਡੀ ਨੌਕਰੀ ਸੁਰੱਖਿਅਤ ਨਹੀਂ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਕੇ 56100 ਸਰਕਾਰੀ ਖ਼ਜ਼ਾਨੇ ਵਿੱਚੋਂ ਦੇ ਕੇ ਉਨ੍ਹਾਂ ਨਾਲ ਨਿਆਂ ਕੀਤਾ ਜਾਵੇ।

 

90430cookie-check906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਵਾਲਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਉਚੇਰੀ ਸਿੱਖਿਆ ਮੰਤਰੀ
error: Content is protected !!