December 22, 2024

Loading

  ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 5 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ) : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਜਾਰੀ ਹੈ। ਸੂਬੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ।
ਭਾਜਪਾ ਤੋਂ ਬਾਅਦ ਹੁਣ ਸੂਬੇ ਦੇ ਕਾਂਗਰਸੀ ਆਗੂਆਂ ਨੂੰ ਵੀ ਕਿਸਾਨੀ ਮੁੱਦਿਆਂ ਦਾ ਹੱਲ ਨਾ ਕਰਨ ਕਾਰਨ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦਾ ਭਾਰੀ ਨੁਕਸਾਨ ਹੋਣ ਤੋਂ ਬਾਅਦ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਵਾਜਬ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦੇ ਕਈ ਦਿਨ ਘਿਰਾਓ ਕਰਨ ਤੋਂ ਬਾਅਦ ਮਿੰਨੀ ਸੈਕਟਰੀਏਟ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਸਰਕਾਰ ਨੂੰ ਮੁਆਵਜ਼ਾ ਜਾਰੀ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਬਠਿੰਡਾ ਦਾ ਦੌਰਾ ਕਰ ਕੇ ਨਰਮੇ ਦੀ ਫ਼ਸਲ ਦੇ ਖਰਾਬੇ ਦਾ ਜਾਇਜ਼ਾ ਲਿਆ ਸੀ ਅਤੇ ਮੁਆਵਜ਼ਾ ਜਾਰੀ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਨੇ ਮੁਆਵਜ਼ਾ ਜਾਰੀ ਕਰਨ ਸੰਬੰਧੀ ਕਰੋੜਾਂ ਰੁਪਏ ਦੇ ਇਸ਼ਤਿਹਾਰ ਤਾਂ ਦਿੱਤੇ ਪਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।

ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਗੁਰੂਸਰ ਵਿਖੇ ਭਾਰੀ ਵਿਰੋਧ      
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਮੁਆਵਜ਼ੇ ਦੇ ਮੁੱਦੇ ਤੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੁਰੂਸਰ ਵਿਖੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਸਪਾਲ ਸਿੰਘ ਕੋਠਾ ਗੁਰੂ ਅਤੇ ਤੀਰਥ ਸਿੰਘ  ਦੀ ਅਗਵਾਈ ਵਿੱਚ ਘਿਰਾਓ ਕਰਕੇ ਸਵਾਲ ਜਵਾਬ ਕੀਤੇ ਗਏ। ਕਿਸਾਨ  ਆਗੂਆਂ ਵੱਲੋਂ ਬਹਿਸ ਦੌਰਾਨ ਕਾਂਗਰਸ ਤੇ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਗਏ। ਕਿਸਾਨ ਆਗੂ ਜਸਪਾਲ ਸਿੰਘ ਕੋਠਾ ਗੁਰੂ ਨੇ ਕਿਹਾ ਕਿ  ਕਿਸਾਨਾਂ ਨੂੰ ਨਰਮੇ ਦਾ ਵਾਜਬ ਮੁਆਵਜ਼ਾ ਅਤੇ ਪਰਾਲੀ ਦੇ ਮੁੱਦੇ ਹੱਲ ਨਾ ਹੋਣ ਤੱਕ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਬਾਈਕਾਟ ਜਾਰੀ ਰਹੇਗਾ।
ਇਸ ਮੌਕੇ ਕਿਸਾਨ ਆਗੂ ਤੀਰਥ ਸਿੰਘ ਨੇ ਦੱਸਿਆ ਕਿ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ  ਨੇ ਗੁਰੂਸਰ ਵਿਖੇ ਬਿਜਲੀ ਬਿੱਲਾਂ ਦੀ ਮੁਆਫ਼ੀ ਸੰਬੰਧੀ ਪ੍ਰੋਗਰਾਮ ਰੱਖਿਆ ਸੀ।  ਕਿਸਾਨ ਆਗੂਆਂ ਨੇ ਦੋਸ਼ ਲਗਾਏ ਕਿ ਬਿਜਲੀ ਬਿੱਲਾਂ ਦੀ ਮੁਆਫੀ ਤੇ ਸਰਕਾਰ ਵੱਲੋਂ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਸਿਰਫ  ਕਾਂਗਰਸੀ ਵਿਧਾਇਕ ਦੇ ਸਿਫ਼ਾਰਸ਼ੀ ਫਾਰਮ ਭਰ ਕੇ ਹੀ ਬਿਜਲੀ ਬਿੱਲ ਮੁਆਫ ਕੀਤੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਕਾਂਗੜ ਵੱਲੋਂ ਬਿਜਲੀ ਬਿੱਲ ਮੁਆਫ ਕਰਨ ਸਬੰਧੀ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 
ਕਿਸਾਨ ਆਗੂਆਂ ਨੇ ਕਿਹਾ ਕਿ ਨਰਮੇ ਦਾ ਵਾਜਬ ਮੁਆਵਜ਼ਾ ਨਾ ਮਿਲਣ ਤਕ ਉਹ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਲੋਕ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ ਅਤੇ ਹਰ ਪਿੰਡ ਵਿੱਚ ਕਾਂਗਰਸੀ ਵਿਧਾਇਕਾਂ ਤੋਂ ਸਵਾਲ ਪੁੱਛੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੁੱਛੇ ਗਏ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਨਾ ਹੋਣ ਕਾਰਨ ਕਾਂਗੜ ਨੂੰ ਵਾਪਸ ਜਾਣ ਲਈ ਮਜ਼ਬੂਰ ਹੋਣਾ ਪਿਆ।   

89750cookie-checkਭਾਜਪਾ ਤੋਂ ਬਾਅਦ ਹੁਣ ਪਿੰਡਾਂ ਵਿੱਚ ਕਾਂਗਰਸੀ ਆਗੂਆਂ ਦਾ ਘਿਰਾਓ ਜਾਰੀ
error: Content is protected !!