ਲੁਧਿਆਣਾ, 29 ਮਈ ( ਸਤ ਪਾਲ ਸੋਨੀ ) : ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਵੱਲੋਂ ਅੱਜ ਸਥਾਨਕ ਪੁਲਿਸ ਕਮਿਸ਼ਨਰੇਟ ਵਿਖੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪੰਜਾਬ ਸਰਕਾਰ ਦੁਆਰਾ ਮਨਜ਼ੂਰਸ਼ੁਦਾ 350 ਪੀ.ਪੀ.ਈ. ਕਿੱਟਾਂ ਦਿੱਤੀਆਂ ਗਈਆਂ।ਉਨਾਂ ਇਹ ਕਿੱਟਾਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਦੇ ਸਪੁਰਦ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. ਟਿੱਕਾ ਨੇ ਕਿਹਾ ਕਿ ਇਹ ਕਿੱਟਾਂ ਲੁਧਿਆਣਾ ਮੈਡੀਵੇਜ਼ ਦੇ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਇਸ ਸਮੇਂ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਕਰਕੇ ਔਖੇ ਦੌਰ ਵਿੱਚੋਂ ਲੰਘ ਰਿਹਾ ਹੈ।ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਇਸ ਔਖੀ ਘੜੀ ਦੌਰਾਨ ਪੰਜਾਬ ਦੇ ਵਸਨੀਕਾਂ ਨੂੰ ਜੇਕਰ ਕੋਈ ਸਭ ਤੋਂ ਅੱਗੇ ਹੋ ਕੇ ਬਚਾਅ ਰਿਹਾ ਹੈ ਤਾਂ ਉਹ ਸਾਡੇ ਡਾਕਟਰ, ਨਰਸਾਂ ਅਤੇ ਹੋਰ ਸਿਹਤ ਕਾਮਿਆਂ ਦੇ ਨਾਲ-ਨਾਲ ਪੁਲਿਸ ਕਰਮੀ ਦਿਨ-ਰਾਤ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਸਾਡੀ ਸਿਹਤ ਦੀ ਰੱਖਿਆ ਪ੍ਰਤੀ ਲੱਗੇ ਹੋਏ ਹਨ। ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਪੰਜਾਬ ਰਾਜ ਦੇ ਵਸਨੀਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ।
ਇਸ ਤੋਂ ਇਲਾਵਾ ਜੇਕਰ ਹੋਰ ਸੰਸਥਾਵਾਂ ਵੀ ਇਸ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁਣ ਤਾਂ ਉਹ ਜ਼ਿਲਾ ਪ੍ਰਸਾਸ਼ਨ ਨਾਲ ਸੰਪਰਕ ਕਰ ਸਕਦੇ ਹਨ, ਕਿਉਂਕਿ ਲੁਧਿਆਣਾ ਜ਼ਿਲੇ ਨੂੰ ਅਜੇ ਹੋਰ ਪੀ.ਪੀ.ਈ. ਕਿੱਟਾਂ, ਐੱਨ-95 ਮਾਸਕ ਅਤੇ ਵੈਂਟੀਲੇਟਰਜ਼ ਦੀ ਜ਼ਰੂਰਤ ਹੈ। ਚੇਅਰਮੈਨ ਨੇ ਲੁਧਿਆਣਾ ਪੁਲਿਸ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਪੁਲਿਸ ਦੇ ਸਟਾਫ ਦੀ ਇਸ ਅਣਥੱਕ ਮਿਹਨਤ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ। ਪੀ.ਪੀ.ਈ. ਕਿੱਟਾਂ ਦੁਆਰਾ ਜਿੱਥੇ ਪੁਲਿਸ ਦੀ ਕੋਰੋਨਾ ਵਾਇਰਸ ਤੋਂ ਪੂਰੀ ਤਰਾਂ ਸੁਰੱਖਿਆ ਹੋਵੇਗੀ ਉੱਥੇ ਹੀ ਉਹ ਆਪਣਾ ਇਹ ਮਹੱਤਵਪੂਰਨ ਕੰਮ ਹੋਰ ਵੀ ਉਤਸ਼ਾਹ ਅਤੇ ਬਿਨਾਂ ਡਰ ਤੋਂ ਕਰ ਸਕਣਗੇ।ਉਨਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਵੱਲੋਂ ਲੁਧਿਆਣਾ ਪੁਲਿਸ ਨੂੰ ਲੰਗਰ ਦੀ ਸੇਵਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਸ੍ਰ. ਟਿੱਕਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਪੰਜਾਬ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਹੋਰ ਕਾਰਪੋਰੇਟ ਘਰਾਣਿਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਮੁਸ਼ਕਿਲ ਦੀ ਇਸ ਘੜੀ ਵਿੱਚ ਸਰਕਾਰ ਦਾ ਸਾਥ ਦੇਣ।