ਚੜ੍ਹਤ ਪੰਜਾਬ ਦੀ
ਲੁਧਿਆਣਾ, 25 ਅਪ੍ਰੈਲ (ਸਤ ਪਾਲ ਸੋਨੀ) : ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਅਤੇ ਕੋਟਕਪੂਰਾ ਗੋਲਾਕਾਂਡ ਬਾਰੇ ਹਾਈ ਕੋਰਟ ਦੇ ਫੈਸਲੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਜਸ਼ਨ ਨਾ ਮਨਾਉਣ ਕਿਉਂਕਿ ਦੁਨਿਆਵੀ ਅਦਾਲਤਾਂ ਤੋਂ ਉਪਰ ਅਕਾਲਪੁਰਖ ਦੀ ਅਦਾਲਤ ਦਾ ਫੈਸਲਾ ਆਉਣਾ ਹਾਲੇ ਬਾਕੀ ਹੈ।
ਸ.ਟਿੱਕਾ ਨੇ ਅਕਾਲੀਦਲ ਬਾਦਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਿੱਖੀ ਦਾ ਘਾਣ ਸੱਭ ਤੋਂ ਵੱਧ ਅਕਾਲੀਦਲ ਬਾਦਲ ਦੀ ਪੰਥਕ ਸਰਕਾਰ ਮੌਕੇ ਹੋਇਆ ਹੈ। ਗੁਰੂ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ਼ ਪ੍ਰਗਟ ਕਰ ਰਹੇ ਨਿਹੱਥੇ ਸਿੱਖਾਂ ‘ਤੇ ਗੋਲੀ ਚਲਾਉਣ ਦਾ ਹੁਕਮ ਵੀ ਪੰਥਕ ਸਰਕਾਰ ਨੇ ਜਾਰੀ ਕੀਤਾ ਸੀ ਜਿਸ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਦੋ ਸਿੱਖ ਨੌਜਵਾਨ ਗੋਲੀ ਲੱਗਣ ਨਾਲ ਸ਼ਹੀਦ ਹੋਏ ਸਨ। ਸ.ਟਿੱਕਾ ਨੇ ਦਾਅਵਾ ਕੀਤਾ ਕਿ ਅਕਾਲਪੁਰਖ ਦੀ ਅਦਾਲਤ ਵਿੱਚ ਇਨ੍ਹਾਂ ਦੋਸ਼ੀਆਂ ਨੂੰ ਜ਼ਰੂਰ ਸਜ਼ਾ ਮਿਲੇਗੀ।
ਚੇਅਰਮੈਨ ਟਿੱਕਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਵਿਡ ਵੈਕਸੀਨ ਅਤੇ ਆਕਸੀਜ਼ਨ ਦੀ ਸਪਲਾਈ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨਾਲ ਵਿਤਕਰਾ ਕਰ ਰਹੀ ਹੈ। ਸ.ਟਿੱਕਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੇਂਦਰ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਵੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕੇ।