ਮੇਅਰ ਅਤੇ ਨਗਰ ਨਿਗਮ ਕਮਿਸਨਰ ਵਲੋ ਸਾਈਟ ਦਾ ਦੌਰਾ
ਲੁਧਿਆਣਾ, 30 ਜੁਲਾਈ (ਸਤ ਪਾਲ ਸੋਨੀ ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰਾਂ ਦੇ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪਿਛਲੇ ਚਾਰ ਦਿਨਾਂ ਤੋਂ ਜਗਰਾਉਂ ਪੁੱਲ ਦੀ ਕੰਧ ਦਾ ਕੰਮ ਰੁਕਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਬਾਰੇ ਪਤਾ ਲੱਗਣ ਤੋਂ ਬਾਅਦ, ਉਨਾਂ ਮੇਅਰ ਸ: ਬਲਕਾਰ ਸਿੰਘ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੂੰ ਇਸ ਜਗਾ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਇਸ ਮਾਮਲੇ ਨੂੰ ਵੇਖਣ ਲਈ ਸਾਈਟ ਦਾ ਦੌਰਾ ਕੀਤਾ ਅਤੇ ਜਾਂਚ ਦੇ ਆਦੇਸ਼ ਦਿੱਤੇ ਕਿ ਕੰਮ ਕਿਉਂ 4 ਦਿਨਾਂ ਲਈ ਕਿਉ ਰੋਕਿਆ ਗਿਆ ਹੈ। ਉਨਾਂ ਕਿਹਾ ਕਿ ਠੇਕੇਦਾਰ ਨੂੰ ਸਾਰੀਆਂ ਅਦਾਇਗੀਆਂ ਹੋਣ ਦੇ ਬਾਵਜੂਦ ਕੰਮ ਰੁਕਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।
ਸ੍ਰੀ ਸੰਧੂ ਨੇ ਦੱਸਿਆ ਕਿ ਨਗਰ ਨਿਗਮ ਅਧਿਕਾਰੀਆਂ ਨੇ ਚੱਲ ਰਹੇ ਨਿਰਮਾਣ ਕਾਰਜ ਲਈ ਲਗਭਗ 40 ਲੱਖ ਰੁਪਏ ਦਾ ਸੋਧਿਆ ਅਨੁਮਾਨ ਤਿਆਰ ਕੀਤਾ ਹੈ। ਉਨਾਂ ਕਿਹਾ ਕਿ ਸ੍ਰੀਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਤੋਂ ਵੀ ਇਸਦੀ ਸਬੰਧੀ ਜਾਂਚ ਕਰਵਾਈ ਜਾਵੇਗੀ। ਮੇਅਰ ਨੇ ਕਿਹਾ ਕਿ ਅਸੀਂ ਇਹ ਜਾਣਨ ਲਈ ਉੱਚ ਪੱਧਰੀ ਜਾਂਚ ਵੀ ਕਰਾਂਗੇ ਕਿ ਇਹ 4 ਦਿਨਾਂ ਲਈ ਕੰਮ ਕਿਉਂ ਰੁਕਿਆ ਹੋਇਆ ਸੀ, ਜਦ ਕਿ ਸਾਰੀਆਂ ਅਦਾਇਗੀਆਂ ਮਨਜੂਰ ਹੋ ਗਈਆਂ ਹਨ।ਉਨਾਂ ਕਿਹਾ ਕਿ ਕਿਸੇ ਵੀ ਨਗਰ ਨਿਗਮ ਅਧਿਕਾਰੀ ਨੂੰ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਨੂੰ ਗੁੰਮਰਾਹ ਕਰਨ ਲਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਗਰਾਉਂ ਪੁੱਲ ਨਾਲ ਸਬੰਧਿਤ ਕੰਮ ਮੁਕੰਮਲ ਹੋਣ ਵਾਲਾ ਹੈ ਅਤੇ ਅਗਲੇ ਦਿਨਾਂ ਵਿੱਚ ਇਸ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ।