December 3, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਦੇ ਪ੍ਰਧਾਨ ਕਰਮਜੀਤ ਅਨਮੋਲ,  ਉਪ ਪ੍ਰਧਾਨ ਗੱਗੁ ਗਿੱਲ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਦੀ ਅਗਵਾਈ ਹੇਠ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ ਡੀ ਜੀ ਪੀ ਐਮ ਐਫ ਫਰੂਕੀ, ਡੀ ਆਈ ਜੀ ਇੰਦਰਵੀਰ ਸਿੰਘ ਅਤੇ  ਐਮ ਪੀ ਸੁਸ਼ੀਲ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਮੁੱਖ ਮੰਤਰੀ ਮਾਨ ਵਲੋਂ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ 
ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪਫ਼ਟਾ ਦਾ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਮੁੰਬਈ ਵਿੱਚ ਇਸ ਤਰ੍ਹਾਂ ਦਾ ਇੱਕ ਉਮੰਗ ਨਾਂਅ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬਾਲੀਵੁੱਡ ਦੇ ਕਲਾਕਾਰ ਹਿੱਸਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਪੁਲਿਸ ਬਲ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਜਿੱਥੇ ਸਮਾਜ ਦਾ ਹਰ ਵਰਗ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਦੇ ਰਾਹ ‘ਤੇ ਚੱਲੇਗਾ। ਭਗਵੰਤ ਸਿੰਘ ਮਾਨ ਨੇ ਪੁਲਿਸ ਬਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਮਾਗਮ ਵਿੱਚ ਫਿਲਮੀ ਸਿਤਾਰੇ ਵੀ ਸ਼ਿਰਕਤ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ 1450 ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਜ਼ਿਲ੍ਹਾ ਪੱਧਰ ‘ਤੇ ਫੋਰਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਵੀ ਸਹਾਈ ਹੋਵੇਗੀ।
ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ
ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਪੀ.ਐਫ.ਟੀ.ਏ.ਏ. ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਵੱਲੋਂ ਲਿਖੇ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।ਇਸ ਮੌਕੇ ਪੰਜਾਬ ਦੇ ਨਾਮੀ ਕਲਾਕਾਰਾਂ ਨੇ ਆਪਣੀ ਗਾਇਕੀ ਨਾਲ ਚੰਗਾ ਰੰਗ ਬੰਨ੍ਹਿਆ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਮੁਟਿਆਰਾਂ ਨੱਚਦੇ ਨਜ਼ਰ ਆ ਏ।ਇਸ ਮੌਕੇ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ, ਸਰਦਾਰ ਸੋਹੀ, ਸ਼ਵਿੰਦਰ ਮਾਹਲ, ਭਾਰਤ ਭੂਸ਼ਣ ਵਰਮਾ, ਅਮਰ ਨੂਰੀ, ਦੇਬੀ ਮਖਸੂਸਪੁਰੀ,ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਗਾਇਕ ਐਮੀ ਵਿਰਕ, ਗੁਰਨਾਮ ਭੁੱਲਰ, ਕੁਲਵਿੰਦਰ ਬਿੱਲਾ, ਤਰਸੇਮ ਜੱਸੜ, ਬਲਵੀਰ ਬੋਪਾਊ, ਰਾਜਵੀਰ ਜਵੰਦਾ,ਕਮਲ ਖ਼ਾਨ, ਮਾਸਟਰ ਸਲੀਮ ,ਕੰਵਰ ਗਰੇਵਾਲ, ਹੈਪੀ ਰਾਏਕੋਟੀ,  ਹਾਰਬੀ ਸੰਘਾ, ਸਿਤਿਜ ਚੌਧਰੀ, ਨਰੇਸ਼ ਕਥੂਰੀਆ,ਭੁਪਿੰਦਰ ਗਿੱਲ, ਰੁਪਿੰਦਰ ਰੂਪੀ, ਨਿਮਰਤ ਖਹਿਰਾ, ਸੀਮਾ ਕੌਂਸਲ, ਗਗਨ ਕੋਕਰੀ, ਪ੍ਰੀਤ ਹਰਪਾਲ, ਹਰਸਿਮਰਨ, ਨੀਸ਼ਾ ਬਾਨੋ, ਰੋਸ਼ਨ ਪ੍ਰਿੰਸ, ਈਸ਼ਾ ਰਿਖੀ, ਤਰਸੇਮ ਪੋਲ, ਕੁਲਦੀਪ ਕੰਡਿਆਰਾ, ਪਰਮਜੀਤ ਭੰਗੂ, ਜੀ ਖਾਨ, ਪੂਨਮ ਸੂਧ, ਪਰਮਵੀਰ, ਜਗਤਾਰ ਬੈਨੀਪਾਲ, ਰਾਜ ਧਾਲੀਵਾਲ, ਜਸਵੰਤ ਰਾਠੋਰ,ਸਲੀਮ ਸਿਕੰਦਰ , ਹਰਵਿੰਦਰ ਔਜਲਾ, ਹਰਜਿੰਦਰ ਸਿੰਘ ਜਵੰਦਾ, ਅਮਨਦੀਪ ਜੌਹਲ ਅਤੇ ਸ਼ਮੀਰ ਮਾਹੀ ਆਦਿ ਨਾਮੀ ਕਲਾਕਾਰ ਅਤੇ ਅਦਾਕਾਰ ਮੌਜੂਦ ਰਹੇ।
#For any kind of News and advertisement contact us on 980-345-0601 Kindly Like,share and subscribe our News Portal http://charhatpunjabdi.com/wp-login.php
163280cookie-check ਪਫ਼ਟਾ ਵੱਲੋਂ ਪੰਜਾਬ ਪੁਲਿਸ ਨੂੰ ਡੈਡੀਕੇਟ ਕਰਨ ਲਈ” ਗੁਲਦਸਤਾ “ਪ੍ਰੋਗਰਾਮ ਆਯੋਜਿਤ
error: Content is protected !!