December 22, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ ਦਿਨਾਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਇਕੱਤਰ ਹੋਏ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਨਾਲ ਉਦਯੋਗ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਨ੍ਹਾਂ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੇ ਵਿਆਪਕ ਵਿਕਾਸ ਨਾਲ ਇਹ ਸਮੱਸਿਆ ਛੇਤੀ ਹੀ ਦੂਰ ਹੋ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਉਦਯੋਗਪਤੀਆਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਫੋਕਲ ਪੁਆਇੰਟਾਂ ਦਾ ਮੁਹਾਂਦਰਾ ਬਦਲਿਆ ਜਾ ਸਕੇ।
ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ
ਮੁੱਖ ਮੰਤਰੀ ਨੇ ਲੇਬਰ ਕਾਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਕਿਰਤੀ ਵਰਗ ਅਤੇ ਹੋਰ ਲੋਕ ਰਹਿੰਦੇ ਹਨ ਜਿਨ੍ਹਾਂ ਨੂੰ ਇਹ ਮੀਟਰ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਉਹ ਆਪਣਾ ਜੀਵਨ ਆਰਾਮਦਾਇਕ ਢੰਗ ਨਾਲ ਬਤੀਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਹਰੇਕ ਵਿਅਕਤੀ ਦਾ ਹੱਕ ਹੈ ਅਤੇ ਸੂਬਾ ਸਰਕਾਰ ਇਸ ਨੂੰ ਯਕੀਨੀ ਬਣਾਏਗੀ।
ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਇਮਾਰਤ ਦੀ ਉਸਾਰੀ ਲਈ ਇਛੁੱਕ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਨਅਤਕਾਰ ਨੇ ਬੇਸਮੈਂਟ ਲਈ ਖੁਦਾਈ ਕਰਨੀ ਹੈ ਤਾਂ ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੁਦਾਈ ਲਈ 72 ਘੰਟਿਆਂ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਵਿੱਚ ਪ੍ਰਵਾਨਗੀ ਨਹੀਂ ਮਿਲਦੀ ਤਾਂ ਇਸ ਨੂੰ ਪ੍ਰਵਾਨ ਹੀ ਸਮਝਿਆ ਜਾਵੇਗਾ।
ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਹੋਣ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਸਮੇਂ ਵਿੱਚ ਅਜਿਹੇ ਇਲਾਕਿਆਂ ਦੀ ਸਥਿਤੀ ਬਾਰੇ ਫੈਸਲਾ ਲੈਣ ਲਈ ਕਮੇਟੀ ਦਾ ਗਠਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੁਧਿਆਣਾ ਵਿੱਚ ਉਦਯੋਗ ਦੀ ਤਰੱਕੀ ਲਈ ਵਚਨਬੱਧ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗ ਉਦੋਂ ਹੀ ਵਿਕਾਸ ਕਰਦਾ ਹੈ, ਜਦੋਂ ਉਨ੍ਹਾਂ ਦਾ ਭਰੋਸਾ ਸਰਕਾਰ ਦੀਆਂ ਨੀਤੀਆਂ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਵੇ ਅਤੇ ਸੂਬਾ ਸਰਕਾਰ ਸਨਅਤਕਾਰਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਸੈਕਟਰ ਵਿੱਚ ਪੰਜਾਬ ਦਾ ਅੱਵਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੇ ਸਲਾਹ-ਮਸ਼ਵਰੇ ਨਾਲ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਲੋੜ ਪੈਣ ‘ਤੇ ਇਸ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਿਲਣੀਆਂ ਜਾਰੀ ਰਹਿਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਹਿੰਡਨ ਲਈ ਉਡਾਣਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਸ਼ਹਿਰ ਨੂੰ ਦਿੱਲੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਲਈ ਨਵੀਆਂ ਉਡਾਣਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਇਹ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੱਡੇ ਸਮਾਗਮ ਸਿਰਫ਼ ਫੋਟੋ ਖਿਚਵਾਉਣ ਲ਼ਈ ਹੀ ਕਰਵਾਏ ਜਾਂਦੇ ਸਨ ਅਤੇ ਇਨ੍ਹਾਂ ਦਾ ਉਦਯੋਗਾਂ ਜਾਂ ਸੂਬੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਹੈ ਅਤੇ ਹੁਣ ਮੀਟਿੰਗਾਂ ਦਾ ਉਦੇਸ਼ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਸੂਬੇ ਦਾ ਸਥਾਨਕ ਪੱਧਰ ‘ਤੇ ਕਿਸੇ ਹੋਰ ਸੂਬੇ ਨਾਲ ਕੋਈ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਹੁਣ ਚੀਨ ਨਾਲ ਮੁਕਾਬਲਾ ਕਰਕੇ ਉਸ ਨੂੰ ਉਦਯੋਗਿਕ ਖੇਤਰ ‘ਚ ਪਛਾੜਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਅਤੇ ਮਿਹਨਤੀ ਉਦਯੋਗਪਤੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ।ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਅਖਾੜੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜੇਤੂ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਸ਼ਾਸਨ ਪ੍ਰਣਾਲੀ ਵਿੱਚ ਲੋਕ ਕੇਂਦਰਿਤ ਫੈਸਲਿਆਂ ਨੂੰ ਤਰਜੀਹ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ਵਿੱਚ ਆਪਣਾ ਹਿੱਸਾ ਪਾ ਲੈਂਦੇ ਸਨ।। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਫਿਰ ਉਨ੍ਹਾਂ ਨੂੰ ਬਾਅਦ ਵਿੱਚ ਚੋਰ ਤੱਕ ਵੀ ਕਿਹਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਸਲ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਹ ਸਿਸਟਮ ਮਹਿਜ਼ ਇੱਕ ਧੋਖਾ ਸੀ ਕਿਉਂਕਿ ਕਿਸੇ ਨੇ ਵੀ ਇਸ ਦੀ ਅਸਲ ਅਰਥਾਂ ਵਿੱਚ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਮਝੌਤਿਆਂ ‘ਤੇ ਪਰਿਵਾਰਾਂ ਨਾਲ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੀਤੇ ਜਾਂਦੇ ਹਨ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php

 

160810cookie-checkਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ
error: Content is protected !!