November 14, 2024

Loading

 

ਚੜ੍ਹਤ ਪੰਜਾਬ ਦੀ

ਚੰਡੀਗੜ੍ਹ, 7 ਮਈ (ਬਿਊਰੋ) : ਪੰਜਾਬ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜਿਲਿਆਂ ਵਿਚ ਲੋੜ ਪੈਣ ਉਤੇ ਕੋਈ ਵੀ ਨਵੀਆਂ ਅਤੇ ਸਖ਼ਤ ਰੋਕਾਂ ਲਾਉਣ ਲਈ ਅਧਿਕਾਰਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਕਿ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ਖੋਲ੍ਹੇ ਜਾਣ ਨੂੰ ਛੱਡ ਕੇ ਬਾਕੀ ਮੌਜੂਦਾ ਰੋਕਾਂ ਵਿਚ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨਾਂ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਹਫਤਾਵਾਰੀ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਸ਼ਨਿਚਰਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਲੌਕਡਾਊਨ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ਉਤੇ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 32 ਕਿਸਾਨ ਯੂਨੀਅਨਾਂ ਉਤੇ ਅਧਾਰਿਤ ਕਿਸਾਨ ਮੋਰਚਾ ਸੂਬਾ ਸਰਕਾਰ ਉਤੇ ਸ਼ਰਤਾਂ ਨਹੀਂ ਥੋਪ ਸਕਦਾ। ਉਨਾਂ ਨੇ ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨਾਂ ਕਿਹਾ ਕਿ ਜੇਕਰ ਰੋਕਾਂ ਦੀ ਉਲੰਘਣਾ ਕਰਕੇ ਕੋਈ ਵੀ ਦੁਕਾਨ ਖੋਲ੍ਹੀ ਗਈ ਤਾਂ ਦੁਕਾਨ ਮਾਲਕ ਉਤੇ ਵੀ ਕਾਨੂੰਨੀ ਕਾਰਵਾਈ ਹੋਵੇਗੀ।ਕੋਵਿਡ ਦੀ ਉਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਵਿਧਾਇਕਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਭਰੋਸੇ ਵਿਚ ਲੈਣ ਤੋਂ ਬਾਅਦ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ ਦੇ ਆਧਾਰ ਉਤੇ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਲੈਣ ਲਈ ਅਧਿਕਾਰਤ ਕੀਤਾ ਹੈ। ਹਾਲਾਂਕਿ, ਸੂਬੇ ਦੇ ਮਾਰਗਾਂ ਉਤੇ ਵਸਤਾਂ ਅਤੇ ਲੋਕਾਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਦੀ ਜ਼ਰੂਰਤ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਤਰ-ਰਾਜੀ ਆਵਾਜਾਈ ਬਾਰੇ ਕੋਈ ਬੰਦਿਸ਼ ਨਹੀਂ ਲਾ ਸਕਦੇ।

ਉਨਾਂ ਕਿਹਾ ਕਿ ਜੇਕਰ ਕੋਈ ਨਵੀਂਆਂ ਰੋਕਾਂ ਜਾਂ ਰੋਟੇਸ਼ਨ ਦੇ ਆਧਾਰ ਉਤੇ ਦੁਕਾਨਾਂ ਖੋਲ੍ਹਣੀਆਂ ਹਨ, ਤਾਂ ਇਸ ਉਪਰ ਅਮਲ ਸੋਮਵਾਰ ਤੋਂ ਹੋਵੇਗਾ।ਡੀ.ਜੀ.ਪੀ. ਨੇ ਦੱਸਿਆ ਕਿ ਵੱਖ-ਵੱਖ ਜਿਲ੍ਹੇ ਪੜਾਅਵਾਰ ਦੁਕਾਨਾਂ ਖੋਲ੍ਹਣ ਦੇ ਵੱਖੋ-ਵੱਖ ਮਾਡਲ ਅਪਣਾਉਣਾ ਚਾਹੁੰਦੇ ਹਨ ਤਾਂ ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਪੱਧਰ ਉਤੇ ਫੈਸਲੇ ਲੈਣ ਲਈ ਡਿਪਟੀ ਕਮਿਸ਼ਨਰਾਂ ਉਪਰ ਛੱਡ ਦਿੱਤਾ ਗਿਆ ਹੈ।ਮਾਲਵਾ ਖੇਤਰ ਵਿਚ ਕੋਵਿਡ ਕੇਸਾਂ ਵਿਚ ਵਾਧੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬੀਤੇ ਸਾਲ ਤਾਇਨਾਤ ਕੀਤੇ ਗਏ ਵਾਲੰਟੀਅਰਾਂ ਦੀਆਂ ਸੇਵਾਵਾਂ ਮੁੜ ਹਾਸਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਪਿੰਡਾਂ ਵਿਚ ਸਾਰੇ ਵਸਨੀਕਾਂ ਦਾ ਰੈਪਿਡ ਐਟੀਂਜਨ ਟੈਸਟ ਕਰਨ ਲਈ ਆਖਿਆ। ਉਨਾਂ ਨੇ ਮੌਤ ਦਰ ਨੂੰ ਕਾਬੂ ਹੇਠ ਲਿਆਉਣ ਦੀ ਲੋੜ ਉਤੇ ਜੋਰ ਦਿੱਤਾ ਜੋ 6 ਮਈ ਤੱਕ 2.1 ਫੀਸਦੀ ਹੈ।

ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਵਿਚ 9000 ਦੇ ਕਰੀਬ ਕੇਸ ਆਉਣ ਨਾਲ ਵੀਰਵਾਰ ਨੂੰ ਸੂਬੇ ਵਿਚ ਪਾਜੇਟਿਵਿਟੀ ਦਰ 13.5 ਫੀਸਦੀ ਉਤੇ ਪਹੁੰਚ ਗਈ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਨੇ ਐਲ-3 ਬੈੱਡ ਦੀ ਸਮਰੱਥਾ ਵਧਾਉਣ ਤੋਂ ਇਲਾਵਾ ਰੈਮੇਡਿਸਿਵਰ 100 ਐਮ.ਜੀ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਖਰੀਦ ਵਧਾ ਦਿੱਤੀ ਹੈ। ਵਿਭਾਗ ਵੱਲੋਂ ਅੱਜ 60,000 ਆਕਸੀਮੀਟਰ ਦੀ ਸਪਲਾਈ ਦੀ ਉਮੀਦ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਫਤਿਹ ਕਿੱਟਾਂ ਦੇ ਤਹਿਤ ਕੋਵਿਡ ਮਰੀਜਾਂ ਨੂੰ ਵੰਡ ਦਿੱਤਾ ਜਾਵੇਗਾ।

67490cookie-checkਮੁੱਖ ਮੰਤਰੀ ਨੇ ਲੋੜ ਪੈਣ ਉਤੇ ਸਖ਼ਤ ਰੋਕਾਂ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ
error: Content is protected !!