ਚੜ੍ਹਤ ਪੰਜਾਬ ਦੀ
ਲੁਧਿਆਣਾ, 14 ਜਨਵਰੀ ( ਸਤਪਾਲ ਸੋਨੀ ) : ਹਰ ਸਾਲ ਦੀ ਤਰਾਂ ਇਸ ਸਾਲ ਵੀ ਮਾਘ ਮਹੀਨੇ ਦਾ ਸਲਾਨਾ ਸਮਾਗਮ ਸਮੂਹ ਸਟਾਫ ਡਿਪਟੀ ਕਮਿਸ਼ਨਰ ਦਫਤਰ ਲੁਧਿਆਣਾ ਵੱਲੋਂ ਸਥਾਨ ਡਿਪਟੀ ਕਮਿਸ਼ਨਰ ਪਾਰਕਿੰਗ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਗਿਆ।ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੋਂ ਬਾਅਦ ਕੀਰਤਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਲੁਧਿਆਣਾ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਵ) ਲੁਧਿਆਣਾ ਸੰਦੀਪ ਕੁਮਾਰ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠ ਕੇ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਰਦਾਸ ਵਿੱਚ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਲੋਕ ਭਲਾਈ ਕੰਮਾਂ ਦੇ ਨਾਲ–ਨਾਲ ਪਰਮਾਤਮਾ ਦਾ ਨਾਮ ਵੀ ਜਪਣਾ ਚਾਹੀਦਾ ਹੈ ਤਾਂ ਜੋ ਸਾਡਾ ਇਹ ਜੀਵਨ ਵੀ ਸਫਲ ਹੋ ਸਕੇ। ਉਨਾਂ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਦਿੱਤੇ ਉਪਦੇਸ਼ ਅਨੁਸਾਰ ਚਲਣਾ ਚਾਹੀਦਾ ਹੈ ਅਤੇ ਆਪਣਾ ਜੀਵਨ ਮਾਨਵਤਾ ਦੀ ਭਲਾਈ ਲਈ ਲਗਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਦਫਤਰ ਡਿਪਟੀ ਕਮਿਸ਼ਨਰ ਦੇ ਸਮੂਹ ਸਟਾਫ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ।