ਚੜ੍ਹਤ ਪੰਜਾਬ ਦੀ,
ਲੁਧਿਆਣਾ (ਰਵੀ ਵਰਮਾ)-ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਹਲੋਂ ਤੋਂ ਕਰਜ਼ਾ ਮੁਆਫੀ ਸਕੀਮ ਦੇ 5ਵੇਂ ਪੜਾਅ ਦੀ ਸ਼ੁਰੂਆਤ 2964 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ 3.47 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਵੈਦ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਉਨ੍ਹਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਵਚਨਬੱਧ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਵਿੱਚ ਕਰਜ਼ਾ ਮੁਆਫੀ ਸਕੀਮ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ ਅਤੇ ਇਹ ਆਸ ਪ੍ਰਗਟਾਈ ਕਿ ਕੈਪਟਨ ਸਰਕਾਰ ਦਾ ਇਹ ਪ੍ਰਮੁੱਖ ਪ੍ਰੋਗਰਾਮ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ ਅਤੇ ਇਹ ਸਕੀਮ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀ ਵਚਨਬੱਧਤਾ ਦਾ ਇੱਕ ਹਿੱਸਾ ਹੈ।ਇਸ ਮੌਕੇ ਐਸ.ਡੀ.ਐਮ. ਵਨੀਤ ਸ਼ਰਮਾ, ਅੰਜੂ ਬਾਲਾ, ਰਣਜੀਤ ਸਿੰਘ ਮਾਂਗਟ, ਪਰਮਜੀਤ ਸਿੰਘ ਅਤੇ ਹੋਰ ਹਾਜ਼ਰ ਸਨ।