December 22, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 21 ਅਕਤੂਬਰ,(ਸਤ ਪਾਲ ਸੋਨੀ/ਰਵੀ ਵਰਮਾ):ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ।
ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ -ਪੁਲਿਸ ਕਮਿਸ਼ਨਰ
ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ ‘ਤੇ ਲੜਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪੁਲਿਸ ਮੁਖੀ ਸ਼੍ਰੀ ਡੀ.ਆਰ. ਭੱਟੀ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
ਪੁਲਿਸ ਕਮਿਸ਼ਨਰ  ਗੁਰਪ੍ਰੀਤ ਸਿੰਘ ਭੁੱਲਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ ਗਈ।
ਸ੍ਰੀ ਭੁੱਲਰ ਨੇ ਕਿਹਾ ਕਿ ਅੱਜ ਦਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸ਼ਾਂਤੀ ਅਤੇ ਫਿਰਕੂ ਸਦਭਾਵਨਾਂ ਬਣਾਈ ਰੱਖਣ ਲਈ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅੰਦਰੂਨੀ ਗੜਬੜੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀਆਂ ਕੁਰਬਾਨੀਆਂ ਦੀ ਵੀ ਪ੍ਰਸ਼ੰਸ਼ਾ ਕੀਤੀ।
ਕਰੋਨਾ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ
ਉਨ੍ਹਾਂ ਪੰਜਾਬ ਸੂਬੇ ਵਿੱਚ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਫੋਰਸ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਂਦੀਆਂ ਹਨ।ਇਸ ਮੌਕੇ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।
88020cookie-checkਪੁਲਿਸ ਲਾਈਨ ਵਿਖੇ ਮਨਾਇਆ ਪੁਲਿਸ ਸ਼ਹੀਦੀ ਦਿਵਸ
error: Content is protected !!