ਲੁਧਿਆਣਾ, 7 ਮਾਰਚ ( ਸਤਪਾਲ ਸੋਨੀ ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਆਉਣ ਲਈ ਦ੍ਰਿੜ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਮਾਡਲ ਟਾਊਨ ਐਕਸਟੇਂਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਬੋਰਡ ਵੱਲੋਂ ਲਗਵਾਏ ਗਏ ਮੁਫ਼ਤ ਮਲਟੀਸਪੈਸ਼ਿਲਟੀ ਮੈਗਾ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਮਲਟੀਸਪੈਸ਼ਿਲਟੀ ਮੈਗਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦਾ ਇਹ ਪਹਿਲਾ ਕੈਂਪ ਅੱਜ ਆਯੋਜਿਤ ਕੀਤਾ ਗਿਆ ਹੈ। ਇਸ ਕੈਂਪ ਵਿੱਚ ਫੋਰਟਿਸ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਸੈਂਕੜੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨਾਂ ਹੋਰ ਅਦਾਰਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਫੋਰਟਿਸ ਹਸਪਤਾਲ ਦੀ ਤਰਾਂ ਪੰਜਾਬ ਸਰਕਾਰ ਦਾ ਸਹਿਯੋਗ ਦੇਣ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨ ਲਈ ਹਰ ਸਮੇਂ ਤਤਪਰ ਰਹਿੰਦੀ ਹੈ। ਜਿੱਥੇ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਹਰ ਸਹੂਲਤ ਨਾਲ ਲੈੱਸ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਹੀ ਬੋਰਡ ਵੱਲੋਂ ਸੂਬੇ ਭਰ ਵਿੱਚ ਇਹ ਕੈਂਪ ਆਯੋਜਿਤ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਕੈਂਪ ਅੱਜ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਗਿਆ। ਜਿਸ ਵਿੱਚ ਬਲੱਡ ਪ੍ਰੈੱਸ਼ਰ, ਬਲੱਡ ਸ਼ੂਗਰ, ਈ.ਸੀ.ਜੀ., ਦੰਦਾਂ ਦੀ ਜਾਂਚ ਅਤੇ ਹੋਰ ਬਿਮਾਰੀਆਂ ਦੀ ਜਾਂਚ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਨਿਰਦੇਸ਼ਕ ਦਵਿੰਦਰ ਸਿੰਘ ਲੋਟੇ, ਡਾ. ਮਨਦੀਪ ਸਿੰਘ ਸੈਣੀ ਅਤੇ ਹੋਰ ਹਾਜ਼ਰ ਸਨ।