ਪ੍ਰਦੀਪ ਸ਼ਰਮਾ
ਚੜ੍ਹਤ ਪੰਜਾਬ ਦੀ
ਚੰਡੀਗੜ੍ਹ/ਬਠਿੰਡਾ, 23 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ ‘ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਸ ਨੇ ਉਕਤਾਨ ਤਿੰਨ ਪਿਸਤੌਲਾਂ 32 ਬੋਰ, 315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।
ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਤੇ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ। ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ 4 ਲੱਖ ਅਤੇ 3 ਲੱਖ ਰੁਪਏ ਵਿੱਚ ਭੇਜੇ ਸਨ।
ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ ‘ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮੱਦਦ ਨਾਲ ਹਰਜੀਤ ਗੋਰਾ ਨੂੰ ਉਸ ਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਕਥਿਤ ਦੋਸ਼ੀਆ ਤੇ ਅਸਲਾ ਐਕਟ ਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
# Contact us for News and advertisement on 980-345-0601
Kindly Like,Share & Subscribe http://charhatpunjabdi.com
1493700cookie-checkਪੰਜਾਬ ਪੁਲਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ, ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ