ਚੜ੍ਹਤ ਪੰਜਾਬ ਦੀ
ਲੁਧਿਆਣਾ, 25 ਅਗਸਤ ( ਸਤ ਪਾਲ ਸੋਨੀ ): – ਯਾਤਰੀਆਂ ਦੀ ਆਵਾਜਾਈ ਨੂੰ ਨਿਰਵਿਘਨ ਤੇ ਸੁਖਾਵਾਂ ਬਣਾਉਣ ਦੇ ਮੰਤਵ ਨਾਲ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਦੇ ਸਾਰੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਕ੍ਰਿਸ਼ਨ ਸਚਦੇਵਾ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਇਹ ਕੰਮ ਜੰਗੀ ਪੱਧਰ ‘ਤੇ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਸੰਸਦ ਮੈਂਬਰ ਵੱਲੋਂ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇਅ ‘ਤੇ ਚੱਲ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸਾਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕ ਨਿਰਵਿਘਨ ਸਫ਼ਰ ਕਰ ਸਕਣ।
6 ਸਤੰਬਰ ਨੂੰ ਹੋਰ ਪ੍ਰੋਜੈਕਟਾਂ ਅਤੇ ਭਾਰਤ ਨਗਰ ਚੌਕ ਫਲਾਈਓਵਰ ਮੁੱਦੇ ‘ਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਨਾਲ ਕਰਨਗੇ ਮੀਟਿੰਗ
ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲ ਕੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਭਾਰਤ ਨਗਰ ਚੌਕ ਫਲਾਈਓਵਰ ਦੇ ਡਿਜ਼ਾਈਨ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਿਸ ‘ਤੇ ਕੁਝ ਕਾਰੋਬਾਰੀਆਂ ਵੱਲੋਂ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ।
ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੰਸਦ ਮੈਂਬਰ ਸੰਜੀਵ ਅਰੋੜਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਲੁਧਿਆਣਾ ਵਿੱਚ ਲੰਪੀ ਸਕਿਨ ਬਿਮਾਰੀ ਦੀ ਸਥਿਤੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਕਿਹਾ ਕਿ ਇੱਥੇ ਸਿਰਫ 6 ਫੀਸਦ ਪਸ਼ੂ ਹੀ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣ ਲਈ ਵੀ ਕਿਹਾ ਤਾਂ ਜੋ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਸਕੇ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਗਲਾਡਾ ਦੇ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਏ.ਸੀ.ਏ. ਗਲਾਡਾ ਅਮਰਿੰਦਰ ਮੱਲ੍ਹੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
#For any kind of News and advertisment contact us on 980-345-0601
1261600cookie-checkਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੂੰ ਨਿਰਦੇਸ਼; ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਇਆ ਜਾਵੇ