ਚੜ੍ਹਤ ਪੰਜਾਬ ਦੀ
ਭਗਤਾ ਭਾਈ ਕਾ/ਰਾਮਪੁਰਾ ਫੂਲ 19 ਨਵੰਬਰ (ਪ੍ਰਦੀਪ ਸ਼ਰਮਾ):ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਗੁਰਪੁਰਬ ਦੇ ਪਵਿੱਤਰ ਦਿਹਾਡ਼ੇ ਤੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸੰਭਾਵੀ ਉਮੀਦਵਾਰ ਇੰਦਰਜੀਤ ਸਿੰਘ ਮਾਨ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪਿਛਲੇ 11 ਮਹੀਨੇ 24 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਤੇ ਵਿੱਢੇ ਕਿਸਾਨਾਂ ਦੇ ਸੰਘਰਸ਼ ਅਤੇ ਪੰਜਾਬੀਆਂ ਵੱਲੋਂ ਇਸ ਸੰਘਰਸ਼ ਦੀ ਕੀਤੀ ਹਮਾਇਤ ਦੀ ਜਿੱਤ ਕਰਾਰ ਦਿੱਤਾ ਤੇ ਕਿਸਾਨਾਂ ਦੇ ਸੰਘਰਸ਼ ਲਈ ਵਧਾਈ ਦਿੱਤੀ ।
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਵਿੱਚ ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਨੌਕਰੀ ਅਤੇ ਮੁਆਵਜ਼ਾ
ਇੰਦਰਜੀਤ ਸਿੰਘ ਮਾਨ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਮੰਗ ਕੀਤੀ ਕਿ ਖੇਤੀ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਤਹਿਤ ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਸ਼ਹੀਦ ਕਿਸਾਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾਂ ਦੀ ਮਦਦ ਹੋ ਸਕੇ ਅਤੇ ਇਹ ਮੰਗ ਕੇਂਦਰ ਸਰਕਾਰ ਨੂੰ ਤੁਰੰਤ ਪੂਰੀ ਕਰਨੀ ਚਾਹੀਦੀ ਹੈ ਕਿਉਂਕਿ ਕੇਂਦਰ ਸਰਕਾਰ ਦੀਆਂ ਮਾਡ਼ੀਆਂ ਨੀਤੀਆਂ ਕਰਕੇ ਹੀ ਕਿਸਾਨਾਂ ਦੀ ਸ਼ਹਾਦਤ ਹੋਈ।
ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਹਰਿਆਣਾ ਅਤੇ ਦਿੱਲੀ ਵਿੱਚ ਹੋਏ ਕਿਸਾਨਾਂ ਤੇ ਦਰਜ ਸਾਰੇ ਪਰਚੇ ਹੋਣ ਤੁਰੰਤ ਰੱਦ
ਇਸ ਦੇ ਨਾਲ ਉਨ੍ਹਾਂ ਮੰਗ ਕੀਤੀ ਕਿ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਹਰਿਆਣਾ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿਚ ਕਿਸਾਨਾਂ ਤੇ ਦਰਜ ਕੀਤੇ ਸਾਰੇ ਪਰਚੇ ਰੱਦ ਹੋਣੇ ਚਾਹੀਦੇ ਹਨ ਤੇ ਕਿਸਾਨਾਂ ਨੂੰ ਆਪਣੀ ਆਵਾਜ਼ ਉਠਾਉਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ । ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਅਨੁਸਾਰ ਭਾਅ ਦੇਣੇ ਯਕੀਨੀ ਬਣਾਏ ਜਾਣ, ਡੀਜ਼ਲ, ਪੈਟਰੋਲ, ਬੀਜ, ਖਾਦ, ਸਪਰੇਅ ਸਬਸਿਡੀ ਤੇ ਸਸਤੀਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸਾਨੀ ਕਿੱਤਾ ਤਰੱਕੀ ਦੀ ਰਾਹ ਵੱਲ ਵਧ ਸਕੇ । ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਨੇ ਕਦੇ ਵੀ ਕਿਸਾਨਾਂ ਦੀ ਬਾਂਹ ਨਹੀਂ ਫੜੀ, ਪਰ ਜਦੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਜਿਨ੍ਹਾਂ ਨੇ ਬਿੱਲਾਂ ਦੀ ਹਮਾਇਤ ਕੀਤੀ ਉਹ ਅੱਜ ਆਪਣੀ ਜਿੱਤ ਦੇ ਦਾਅਵੇ ਕਰਦੇ ਚੰਗੇ ਨਹੀਂ ਲੱਗਦੇ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਨੌਜਵਾਨ ਹਾਜਰ ਸਨ ।
917410cookie-checkਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨੇ ਕੀਤਾ ਖੇਤੀ ਕਾਨੂੰਨ ਰੱਦ ਹੋਣ ਦਾ ਸਵਾਗਤ