ਚੜ੍ਹਤ ਪੰਜਾਬ ਦੀ
ਬਠਿੰਡਾ, 7 ਮਈ (ਪ੍ਰਦੀਪ ਸ਼ਰਮਾ): ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਿੱਚ ਬਤੌਰ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀਆਂ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਮਿਤੀ 10 ਮਈ ਨੂੰ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਅੱਜ ਹੈਡ ਵਾਟਰ ਵਰਕਸ ਭਾਗੂ ਰੋਡ ਬਠਿੰਡਾ ਵਿਖੇ ਜਿਲਾ ਕਮੇਟੀ ਵਲੋਂ ਮੀਟਿੰਗ ਕੀਤੀ ਗਈ।
ਤਿਆਰੀਆਂ ਸਬੰਧੀ ਅੱਜ ਇਥੇ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ
ਇਸ ਮੌਕੇ ਸੰਦੀਪ ਖਾਨ ਬਾਲਿਆਂਵਾਲੀ ਜਿਲਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਸਸ ਵਿਭਾਗ ਦੇ ਐਚ.ਓ.ਡੀ. ਵਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਸਰਕਾਰੀ ਵੈਬ ਸਾਇਡ ਆਈ.ਐਚ.ਆਰ.ਐਮ.ਐੱਸ.ਪੋਰਟਲ ਤੋਂ ਕੰਟਰੈਕਚੂਆਲ ਅਧੀਨ ਜਲ ਸਪਲਾਈ ਕਾਮਿਆਂ ਦੇ ਵਿਭਾਗ ਵਿੱਚ ਕੰਮ ਕਰਨ ਦੇ ਡਾਟੇ ਦੀਆਂ ਐਟਰੀਆਂ ਨੂੰ ਡਲੀਟ ਕਰਵਾ ਦਿੱਤਾ ਗਿਆ ਹੈ ਅਤੇ ਪਿਛਲੇ 15 ਸਾਲਾਂ ਤੋਂ ਵਿਭਾਗ ਦੇ ਵਿੱਚ ਕੰਮ ਕਰ ਰਹੇ ਕਾਮੇ, ਜਿਨ੍ਹਾਂ ਨੇ ਆਪਣੀ ਜਵਾਨੀ ਲੰਘਾ ਲਈ ਹੈ, ਪ੍ਰੰਤੂ ਪੰਜਾਬ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਪੱਕੇ ਕਰਨ ਦੀ ਬਜਾਏ ਹੁਣ ਬੇਰੁਜਗਾਰੀ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ। ਜਿਸਦੇ ਵਿਰੋਧ ਵਿੱਚ ਜਥੇਬੰਦੀ ਵਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਵੈਬਸਾਈਟ ਪੋਰਟਲ ਤੋਂ ਕੰਟਰੈਕਚੂਆਲ ਦੇ ਵਰਕਰਾਂ ਦੀ ਡਲੀਟ ਕੀਤੀ ਡਾਟੇ ਦੀ ਐਂਟਰੀ ਨੂੰ ਪਹਿਲਾਂ ਦੀ ਤਰ੍ਹਾਂ ਬਹਾਲ ਕੀਤਾ ਜਾਵੇ, ਵਰਕਰਾਂ ਨੂੰ ਕੰਟਰੈਕਟ ਅਧੀਨ ਲੈਣ ਲਈ ਵਿਭਾਗ ਵੱਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਵਾਇਆ ਜਾਵੇ, ਕੁਟੇਸ਼ਨ ਸਿਸਟਮ ਬੰਦ ਕੀਤਾ ਜਾਵੇ , ਸਰਕਾਰ ਵੱਲੋਂ ਪ੍ਰਵਾਨਿਤ ਘੱਟੋ-ਘੱਟ ਉਜਰਤ ਦੇ ਨਿਯਮ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ। ਇਨਲਿਸਟਮੈਂਟ ਕਾਮਿਆਂ ’ਤੇ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕੀਤਾ ਜਾਵੇ , ਕੰਮ ਦੌਰਾਨ ਹੋਣ ਵਾਲੇ ਘਾਤਕ ਜਾਂ ਗੈਰ ਘਾਤਕ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜੇ ਦੀ ਅਦਾਇਗੀ, ਮੁਫਤ ਇਲਾਜ, ਪਰਿਵਾਰਕ ਪੈਨਸ਼ਨ ਅਤੇ ਪੱਕੇ ਰੁਜਗਾਰ ਦੀ ਮੰਗ ਨੂੰ ਲਾਗੂ ਕੀਤਾ ਜਾਵੇ। ਜਸਸ ਵਿਭਾਗ ’ਚ ਕੰਮ ਕਰਦੇ ਫੀਲਡ ਤੇ ਦਫਤਰੀ ਸਟਾਫ ’ਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ।
ਉਕਤ ਆਗੂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰੀ ਵੈਬਸਾਇਟ ਤੇ ਕੰਟਰੈਕਚੂਆਲ ਅਧੀਨ ਵਰਕਰਾਂ ਦੇ ਡਾਟੇ ਦੀ ਡਲੀਟ ਕੀਤੀ ਐਟਰੀ ਨੂੰ ਬਹਾਲ ਨਹੀਂ ਕੀਤਾ ਜਾਂਦਾ ਅਤੇ ਵਰਕਰਾਂ ਦੀਆਂ ਉਪਰੋਕਤ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸੂਬਾ ਕਮੇਟੀ ਦੇ ਫੈਸਲੇ ਤਹਿਤ 10 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣਗੇ।
#For any kind of News and advertisement contact us on 980-345-0601
1178610cookie-checkਜਲ ਸਪਲਾਈ ਠੇਕਾ ਕਾਮੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਅੱਗੇ 10 ਮਈ ਨੂੰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਵਿੱਚ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ- ਸੰਦੀਪ ਖਾਨ ਬਾਲਿਆਂਵਾਲੀ