ਚੜ੍ਹਤ ਪੰਜਾਬ ਦੀ
ਲੁਧਿਆਣਾ, 27, ਅਗਸਤ,(ਰਵੀ ਵਰਮਾ)- ਨਗਰ ਸੁਧਾਰ ਟਰੱਸਟ (ਐਲ.ਆਈ.ਟੀ) ਦੇ ਚੇਅਰਮੈਨ ਰਮਨ ਬਾਲਾਸੁਬਰਾਮਣੀਅਮ ਨੇ ਅੱਜ ਕਿਹਾ ਕਿ ਉਹ ਸ਼ਹਿਰ ਵਿੱਚ ਸਬ-ਸਟੈਂਡਰਡ ਸੜ੍ਹਕਾਂ ਦੇ ਨਿਰਮਾਣ ਦੀ ਇਜਾਜ਼ਤ ਨਹੀਂ ਦੇਣਗੇ।ਸਥਾਨਕ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਦੇ ਬਲਾਕ-ਜੀ ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕਰਦਿਆਂ ਰਮਨ ਬਾਲਾਸੁਬਰਾਮਣੀਅਮ ਨੇ ਕਿਹਾ ਕਿ ਘਟੀਆ ਜਾਂ ਮਾੜੀ ਸਮੱਗਰੀ ਦੀ ਵਰਤੋਂ ਅਤੇ ਬਿਨ੍ਹਾਂ ਪ੍ਰੋਟੋਕਾਲ ਦੀ ਪਾਲਣਾ ਬਾਰੇ ਇਲਾਕੇ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਅਤੇ ਜਿਸਦੇ ਤੁਰੰਤ ਬਾਅਦ ਸੜ੍ਹਕ ਨਿਰਮਾਣ ਦਾ ਕੰਮ ਰੋਕ ਦਿੱਤਾ ਗਿਆ।
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਕਿਹਾ ਕਿ ਅਸੀਂ ਅਜਿਹੀ ਕੋਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਅਤੇ ਇਸ ਦੇ ਨਾਲ ਹੀ ਠੇਕੇਦਾਰ ਨੂੰ ਬਲੈਕਲਿਸਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਉਸੇ ਠੇਕੇਦਾਰ ਦੁਆਰਾ ਸੜਕ ਨਿਰਮਾਣ ਦੇ ਮੁਕੰਮਲ ਕੀਤੇ ਹੋਰ ਕੰਮਾਂ ਲਈ ਭੁਗਤਾਨ ਵੀ ਰੋਕ ਦਿੱਤਾ ਗਿਆ ਹੈ ਜਦੋਂ ਤੱਕ ਕਿ ਜੀ.ਐਨ.ਈ. ਕਾਲਜ ਦੇ ਮਾਹਰ ਇਸ ਦੀ ਗੁਣਵੱਤਾ ਬਾਰੇ ਰਿਪੋਰਟ ਪੇਸ਼ ਨਹੀਂ ਕਰਦੇ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਠੇਕੇਦਾਰ ਨੂੰ ਮੌਕੇ ‘ਤੇ ਬੁਲਾਇਆ ਗਿਆ, ਪਰ ਉਹ ਮੌਕੇ ‘ਤੇ ਹਾਜ਼ਰ ਨਹੀਂ ਹੋ ਸਕਿਆ।
ਰਮਨ ਬਾਲਾਸੁਬਰਾਮਣੀਅਮ ਨੇ ਅੱਗੇ ਕਿਹਾ ਕਿ ਲੁਧਿਆਣਾ ਸ਼ਹਿਰ ਬੇਮਿਸਾਲ ਵਿਕਾਸ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਸਾਰੇ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ ਗਈ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।